ਮਜੀਠਾ, 10 ਮਾਰਚ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਪੀ.ਏ.ਯੂ. ਦੇ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ, ਅੰਮਿ੍ਤਸਰ ਵਿਖੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਂਸਲ ਦੀ ਪ੍ਰਧਾਨਗੀ ਹੇਠ 'ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਨ ਬਚਾਓ' ਦੇ ਉਦੇਸ਼ ਨਾਲ ਕਿਸਾਨ ਮੇਲਾ ਲਗਾਇਆ ਗਿਆ | ਮੇਲੇ ਵਿਚ ਐੱਸ. ਡੀ. ਐੱਮ. ਮਜੀਠਾ ਰਜਨੀਸ਼ ਅਰੋੜਾ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਤੋਂ ਇਲਾਵਾ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਉਪ ਨਿਰਦੇਸ਼ਕ ਬਾਗਬਾਨੀ ਡਾ. ਜਤਿੰਦਰ ਸਿੰਘ ਅਤੇ ਯੂਨੀਵਰਸਿਟੀ ਉੱਚ ਅਧਿਕਾਰੀ ਵੀ ਮੰਚ 'ਤੇ ਮੌਜੂਦ ਸਨ | ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਨ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਤੋਂ ਮਾਹਿਰਾਂ ਦੇ ਸਿੱਖਣ ਅਤੇ ਉਨ੍ਹਾਂ ਨੂੰ ਸਿਖਾਉਣ ਦਾ ਮੌਕਾ ਵੀ ਹਨ, ਇਸ ਲਈ ਯੂਨੀਵਰਸਿਟੀ ਨੇ ਇਨ੍ਹਾਂ ਮੇਲਿਆਂ ਦੀ ਸ਼ੁਰੂਆਤ ਕਰਕੇ ਦੇਸ਼ ਦੁਨੀਆਂ ਨੂੰ ਖੇਤੀ ਮਾਹਿਰਾਂ ਅਤੇ ਕਿਸਾਨਾਂ ਦੀ ਸਾਂਝ ਦਾ ਨਵਾਂ ਮਾਡਲ ਦਿੱਤਾ ਸੀ, ਇਨ੍ਹਾਂ ਮੇਲਿਆਂ 'ਚੋਂ ਅਣਗਿਣਤ ਕਿਸਾਨਾਂ ਨੇ ਖੇਤੀ ਵਿਗਿਆਨ ਦੀ ਚਿਣਗ ਲਈ ਅਤੇ ਅਗਾਂਹਵਧੂ ਖੇਤੀ ਕਰਕੇ ਪੰਜਾਬ ਨੂੰ ਇਸ ਖੇਤਰ ਦਾ ਸਿਰਕੱਢ ਸੂਬਾ ਬਣਾ ਦਿੱਤਾ | ਡਾ. ਗੋਸਲ ਨੇ ਕਿਸਾਨਾਂ ਨੂੰ ਪੀ. ਏ. ਯੂ. ਨਾਲ ਜੁੜ ਕੇ ਆਪਣੀ ਖੇਤੀ ਨੂੰ ਕਾਰੋਬਾਰੀ ਬਣਾਉਣ ਲਈ ਅਪੀਲ ਵੀ ਕੀਤੀ | ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ | ਉਨ੍ਹਾਂ ਕਿਹਾ ਪੀ. ਏ. ਯੂ. ਨੇ ਹੁਣ ਤਕ 960 ਤੋਂ ਵੱਧ ਕਿਸਮਾਂ ਵਿਕਸਿਤ ਕਰਕੇ ਕਾਸ਼ਤ ਲਈ ਦਿੱਤੀਆਂ ਹਨ | ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ 7 ਕਿਸਾਨ ਮੇਲਿਆਂ ਦੀ ਲੜੀ ਦਾ ਇਹ ਪਹਿਲਾ ਮੇਲਾ ਹੈ | ਉਨ੍ਹਾਂ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਅਤੇ ਬਾਸਮਤੀ ਦੀ ਕਾਸ਼ਤ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ | ਇਸ ਮੇਲੇ ਦੌਰਾਨ ਖੇਤੀਬਾੜੀ ਅਤੇ ਸੰਬੰਧਿਤ ਖੇਤਰਾਂ ' ਸ਼ਾਨਦਾਰ ਯੋਗਦਾਨ ਦੇਣ ਵਾਲੇ ਕਈ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦਾ ਸੰਚਾਲਨ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ | ਅੰਤ ਵਿਚ ਧੰਨਵਾਦ ਦੇ ਸ਼ਬਦ ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਦੇ ਸਹਿਯੋਗੀ ਨਿਰਦੇਸ਼ਕ ਡਾ. ਬਿਕਰਮਜੀਤ ਸਿੰਘ ਨੇ ਕਹੇ | ਇਸ ਮੇਲੇ ਦੌਰਾਨ ਵੱਖ-ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ. ਏ. ਯੂ. ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ |