ਜੰਡਿਆਲਾ ਗੁਰੂ, 10 ਮਾਰਚ (ਹਰਜਿੰਦਰ ਸਿੰਘ ਕਲੇਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਬਜਟ ਵਿਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਨ ਦਾ ਇਤਿਹਾਸਕ ਫ਼ੈਸਲਾ ਕੀਤਾ ਹੈ | ਇਸ ਯੋਜਨਾ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦਿੱਤੇ ਜਾਣਗੇ, ਜਦਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਿਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ | ਇਸ ਲਈ ਬਜਟ ਵਿਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ | ਇਸ ਸੰਬੰਧੀ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਭੁੱਲਰ ਨੇ ਕਿਹਾ ਕਿ 'ਆਪ' ਸਰਕਾਰ ਦਾ ਇਹ ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ |