ਜੰਡਿਆਲਾ ਗੁਰੂ, 11 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਤਪ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਬਾਬਾ ਹੰਦਾਲ ਜੀ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ੁਰੂ ਹੋ ਗਏ ਹਨ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਸੰਤ ਬਾਬਾ ਪਰਮਾਨੰਦ ਨੇ ਦੱਸਿਆ ਕਿ ਵਿਸਾਖੀ ਮੌਕੇ ਅਖੰਡ ਪਾਠ ਦੀ ਲੜੀ ਆਰੰਭ ਕਰਾਈ ਗਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਅਖੰਡ ਪਾਠਾਂ ਦੇ ਭੋਗ 14 ਅਪ੍ਰੈਲ ਨੂੰ ਵਿਸਾਖੀ ਦੇ ਦਿਨ ਪਾਏ ਜਾਣਗੇ | ਇਸ ਮੌਕੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮਹਾਨ ਕੀਰਤਨ ਦਰਬਾਰ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ | ਜਿਸ ਵਿਚ ਹਜ਼ੂਰੀ ਰਾਗੀ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਕਵੀ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਣਗੇ | ਸੰਤ ਬਾਬਾ ਪਰਮਾਨੰਦ ਨੇ ਦੱਸਿਆ ਕਿ ਇਹ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਵੱਧ ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਕੀਤੀ |