ਅਜਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਪ੍ਰਮੁੱਖ ਅਨਾਜ ਮੰਡੀ ਅਜਨਾਲਾ ਵਿਖੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ, ਇਸ ਮੌਕੇ ਉਨ੍ਹਾਂ ਮੰਡੀ 'ਚ ਪਹਿਲੀ ਢੇਰੀ ਲੈ ਕੇ ਆਉਣ ਵਾਲੇ ਕਿਸਾਨ ਮਲਕੀਤ ਸਿੰਘ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਪਹਿਲਾਂ ਵਿਧਾਇਕ ਸ: ਧਾਲੀਵਾਲ ਨੇ ਮਾਰਕੀਟ ਕਮੇਟੀ ਅਜਨਾਲਾ ਦੇ ਦਫ਼ਤਰ ਵਿਖੇ ਮਾਰਕੀਟ ਕਮੇਟੀ ਅਧਿਕਾਰੀਆਂ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਕਣਕ ਦੀ ਸਰਕਾਰੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ | ਉਪਰੰਤ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਅਤੇ ਸਮੇਂ ਸਿਰ ਲਿਫ਼ਟਿੰਗ ਤੇ ਪੇਮੈਂਟ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਮੰਡੀ ਵਿਚ ਆਪਣੀ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਦਿੱਤੀ ਜਾਵੇਗੀ | ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਨਿਰਧਾਰਿਤ ਮਾਪਦੰਡਾਂ ਵਿਚ ਹਰਿਆਣਾ ਨੂੰ ਢਿੱਲ ਦੇਣ ਅਤੇ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਦੇਣ ਦੇ ਮਾਮਲੇ 'ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਜਾਂਦਾ ਹੈ ਅਤੇ ਹੁਣ ਵੀ ਕਣਕ ਦੀ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਨਾ ਦੇ ਕੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਏ ਤੁਰੰਤ ਕਣਕ ਦੀ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ | ਇਸ ਮੌਕੇ ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਕੱਤਰ ਅਮਰਦੀਪ ਕੌੜਾ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਏ.ਐੱਫ.ਐੱਸ.ਓ ਸੰਦੀਪ ਸਿੰਘ, ਐੱਸ.ਡੀ.ਓ. ਰਾਵਲ ਸਿੰਘ, ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ਼, ਆੜ੍ਹਤੀ ਇੰਦਰਜੀਤ ਸਿੰਘ ਭੁੱਲਰ, ਲੇਖਾਕਾਰ ਸੰਦੀਪ ਸਿੰਘ ਰਿਆੜ, ਮੰਡੀ ਸੁਪਰਵਾਈਜ਼ਰ ਸਵਿੰਦਰ ਕੌਰ, ਕਾਬਲ ਸਿੰਘ ਸੰਧੂ, ਮਾਸਟਰ ਸੁਖਬੀਰ ਸਿੰਘ ਰਿਆੜ, ਦਲਜੀਤ ਸਿੰਘ ਫੁੱਲੇਚੱਕ, ਐਡਵੋਕੇਟ ਸੰਦੀਪ ਕੌਸ਼ਲ, ਗੁਰਦੇਵ ਸਿੰਘ ਨਿੱਝਰ, ਹਰਜੀਤ ਸਿੰਘ ਸੰਧੂ, ਬਿਕਰਮਜੀਤ ਸਿੰਘ ਸੰਧੂ, ਸਰਪੰਚ ਇਕਬਾਲ ਸਿੰਘ ਰਿਆੜ, ਕਰਮਜੀਤ ਸਿੰਘ ਗੋਲਡੀ ਰਿਆੜ, ਵਿਸ਼ਾਲ ਸ਼ਰਮਾ, ਕਪਿਲ ਕੁਮਾਰ, ਯੁੱਧਬੀਰ ਸਿੰਘ ਤੋਂ ਇਲਾਵਾ ਇੰਸਪੈਕਟਰ ਮਾਰਕਫੈੱਡ ਗੁਰਤੇਜ ਸਿੰਘ, ਇੰਸ: ਪਨਗ੍ਰੇਨ ਸੁਮਿਤ ਪ੍ਰਭਾਕਰ, ਇੰਸ: ਵੇਅਰਹਾਊਸ ਕੁਲਦੀਪ ਸਿੰਘ, ਇੰਸ: ਪਨਸਪ ਪ੍ਰਭਦੀਪ ਸਿੰਘ ਆਦਿ ਹਾਜ਼ਰ ਸਨ |