ਅਜਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਇਕ ਇਤਿਹਾਸਿਕ ਕਦਮ ਚੁੱਕਦਿਆਂ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਪਾਸ ਕਰਨ ਨਾਲ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਹੁਣ ਹੋਰ ਵੀ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ ਨੇ ਦੱਸਿਆ ਕਿ ਸਰਕਾਰ ਵਲੋਂ ਇਹ ਬਿੱਲ ਪੰਜਾਬ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਲਿਆਂਦਾ ਗਿਆ ਹੈ | ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਇਕ ਇਤਿਹਾਸਕ ਕਦਮ ਹੈ ਅਤੇ ਇਸ ਨਾਲ ਦੋਸ਼ੀਆਂ ਨੂੰ ਕਾਨੂੰਨ ਦੇ ਅਧੀਨ ਸਖ਼ਤ ਸਜ਼ਾਵਾਂ ਮਿਲਣਗੀਆਂ | ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ ਨੇ ਅੱਗੇ ਕਿਹਾ ਕਿ 'ਆਪ' ਸਰਕਾਰ ਦਾ ਮੁੱਖ ਮਕਸਦ ਪੰਜਾਬ ਵਿਚ ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨਾ ਹੈ | ਇਹ ਬਿੱਲ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਰੋਕਣ ਵਿਚ ਮਦਦਗਾਰ ਸਾਬਤ ਹੋਵੇਗਾ | ਇਸ ਮੌਕੇ ਉੱਘੇ ਸਮਾਜ ਸੇਵਕ ਭਾਈ ਕਾਬਲ ਸਿੰਘ ਸ਼ਾਹਪੁਰ, ਨੌਜਵਾਨ ਆਗੂ ਸਰਪੰਚ ਭੁਪਿੰਦਰ ਸਿੰਘ ਨਾਨਕਪੁਰਾ ਥੇਹ, ਪਵਨ ਸਰੀਨ ਤੇ ਹੋਰ ਹਾਜ਼ਰ ਸਨ |