ਅਜਨਾਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਨਾਲ ਸੰਬੰਧਿਤ ਪੰਜਾਬ ਸੂਬੇ ਤੋਂ 7 ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਜਾਹਿਰ ਕਰਦਿਆਂ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਕਤ ਰਾਜ ਸਭਾ ਮੈਂਬਰਾਂ ਨੇ ਭਾਜਪਾ 'ਚ ਸ਼ਾਮਿਲ ਹੋ ਕੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਮਹਾਂ ਗਦਾਰੀ ਕੀਤੀ ਹੈ | ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਨੀਅਤ ਵਿੱਚ ਕੋਈ ਫਰਕ ਨਹੀਂ ਸੀ ਉਨ੍ਹਾਂ ਨੇ ਪੰਜਾਬ ਲਈ ਚੰਗਾ ਸੋਚ ਕੇ ਇਨ੍ਹਾਂ ਨੂੰ ਰਾਜ ਸਭਾ ਵਿਚ ਭੇਜਿਆ ਸੀ | ਉਨ੍ਹਾਂ ਨੇ ਕਿਹਾ ਕਿ ਹੁਣ ਵਕਤ ਆ ਗਿਆ ਹੈ ਕਿ 'ਆਪ' ਨੂੰ ਭਾਜਪਾ ਨਾਲ ਸਿਆਸੀ ਗਹਿਗੱਚ ਲੜਾਈ ਲੜਨੀ ਹੋਵੇਗੀ | ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਹਿਲਾ ਭਾਜਪਾ ਨੇ ਪੰਜਾਬ ਦੇ ਫੰਡ ਰੋਕ ਕੇ ਸਾਡੀਆਂ ਸੜਕਾਂ ਬਣਨੀਆਂ ਬੰਦ ਕੀਤੀਆਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੀ ਅਤੇ ਸਾਡੇ ਪਾਣੀਆਂ ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਾਨੂੰ ਚੰਡੀਗੜ੍ਹ ਨਹੀਂ ਦਿੱਤਾ ਜਾ ਰਿਹਾ ਅਤੇ ਅੱਜ ਸਾਡੀ ਆਵਾਜ਼ ਰਾਜ ਸਭਾ ਦੇ ਵਿੱਚੋਂ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅਗਲੀ ਰਣਨੀਤੀ ਉਲੀਕ ਕੇ 'ਆਪ' ਵਲੋਂ ਇਨ੍ਹਾਂ ਗਦਾਰ ਲੋਕਾਂ ਦੀ ਰਾਜ ਸਭਾ ਮੈਂਬਰੀ ਖਤਮ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਵੱਡੇ ਕੰਮ ਕੀਤੇ ਗਏ ਹਨ | ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋ, ਆੜਤੀ ਯੂਨੀਅਨ ਪ੍ਰਧਾਨ ਸਤਬੀਰ ਸਿੰਘ ਸੰਧੂ ਅਤੇ ਇੰਦਰਜੀਤ ਸਿੰਘ ਭੁੱਲਰ ਪੰਡੋਰੀ ਆਦਿ ਹਾਜ਼ਰ ਸਨ |