ਅਜਨਾਲਾ, 28 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਬੀਤੀ ਰਾਤ ਪਟਿਆਲਾ ਦੇ ਸ਼ੰਭੂ ਨੇੜੇ ਰੇਲ ਪਟੜੀ 'ਤੇ ਹੋਏ ਧਮਾਕੇ ਅਤੇ ਬਟਾਲਾ ਦੇ ਨਜ਼ਦੀਕੀ ਪਿੰਡ ਭੋਮਾ 'ਚ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਕੀਤੀ ਬੇਰਹਿਮੀ ਨਾਲ ਹੱਤਿਆ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾਵਾਂ ਸੂਬੇ ਵਿਚ ਖਰਾਬ ਹੋ ਰਹੀ ਕਾਨੂੰਨ-ਵਿਵਸਥਾ ਦੀ ਵੱਡੀ ਨਿਸ਼ਾਨੀ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਅਪਰਾਧ ਲਗਾਤਾਰ ਵੱਧ ਰਹੇ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਹਰ ਰੋਜ਼ ਗੋਲੀਆਂ ਚੱਲਣ, ਕਤਲਾਂ ਅਤੇ ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਢੁੱਕਵੀਂ ਅਤੇ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਦਿਨੋ ਦਿਨ ਹੋਰ ਬੁਲੰਦ ਹੁੰਦੇ ਜਾ ਰਹੇ ਹਨ | ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਸਖ਼ਤ ਕਦਮ ਨਾ ਚੁੱਕੇ ਤਾਂ ਅਪਰਾਧੀਆਂ ਦੇ ਹੌਸਲੇ ਹੋਰ ਵੱਧਣਗੇ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਵਾਲੇ ਪੁਲਿਸ ਅਧਿਕਾਰੀ ਨਸ਼ਿਆਂ ਦਾ ਧੰਦਾ ਕਰ ਰਹੇ ਹਨ, ਜਿਸ ਦੀ ਮਿਸਾਲ ਸਰਹੱਦੀ ਥਾਣਾ ਭਿੰਡੀ ਸੈਦਾਂ ਦੇ ਐੱਸ.ਐੱਚ.ਓ. ਤੋਂ ਮਿਲਦੀ ਹੈ ਜਿਸ ਕੋਲੋਂ 2 ਕਿਲੋ ਤੋਂ ਵਧੇਰੇ ਹੈਰੋਇਨ ਬਰਾਮਦ ਹੋਈ ਹੈ |
'ਆਪ' ਦੀ ਸਰਕਾਰ ਦੇ ਰਾਜ 'ਚ ਅਮਨ ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜ ਰਹੀ ਹੈ-ਹਰਪ੍ਰਤਾਪ ਅਜਨਾਲਾ <br/>
ਅਜੀਤ ਡੈਸਕ
29-04-2026