ਅਜਨਾਲਾ, 4 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਕੇ 2 ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਪੁਸ਼ਪਜੋਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਜਦ ਪਿੰਡ ਧਾਰੀਵਾਲ ਕਲੇਰ ਦੇ ਸੂਆ ਨਜ਼ਦੀਕ ਪੁੱਜੀ ਤਾਂ ਸੱਜੇ ਪਾਸੇ ਵਾਲੀ ਸਾਈਡ ਤੋਂ ਇਕ ਮੋਨਾ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸਬ-ਇੰਸ: ਪੁਸ਼ਪਜੋਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਉਸ ਕੋਲੋਂ ਮਿਲੇ ਮੋਮੀ ਲਿਫ਼ਾਫ਼ੇ ਨੂੰ ਜਦੋਂ ਚੈੱਕ ਕੀਤਾ ਤਾਂ ਉਸ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਐੱਸ.ਐੱਚ.ਓ. ਨੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਵਿਅਕਤੀ ਦੀ ਪਹਿਚਾਣ ਮੇਜਰ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਪਿੰਡ ਚੜ੍ਹਤੇਵਾਲੀ ਵਜੋਂ ਹੋਈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਸਬ-ਇੰਸ: ਸਤਿਗੁਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਵਲੋਂ ਪਿੰਡ ਸਰਾਏ ਨੇੜਿਓਾ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ | ਹੈਰੋਇਨ ਸਮੇਤ ਕਾਬੂ ਵਿਅਕਤੀ ਦੀ ਪਹਿਚਾਣ ਅਕਾਸ਼ ਉਰਫ ਨੌਟੀ ਪੁੱਤਰ ਨਿੰਦਰ ਸਿੰਘ ਵਾਸੀ ਵਾਰਡ ਨੰਬਰ 4 ਅਜਨਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |