ਜੰਡਿਆਲਾ ਗੁਰੂ, 4 ਮਈ (ਹਰਜਿੰਦਰ ਸਿੰਘ ਕਲੇਰ)-ਬੀਤੀ ਰਾਤ ਜੰਡਿਆਲਾ ਗੁਰੂ ਦੇ ਨੈਸ਼ਨਲ ਹਾਈਵੇ 'ਤੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇਕ ਖੜੀ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ | ਖੁਸ਼ਕਿਸਮਤੀ ਨਾਲ ਵੱਡਾ ਹਾਦਸਾ ਟਲ ਗਿਆ ਅਤੇ ਕਾਰ ਵਿਚ ਸਵਾਰ ਸਾਰੇ ਲੋਕ ਸੁਰੱਖਿਅਤ ਬਾਹਰ ਨਿਕਲ ਆਏ | ਜਾਣਕਾਰੀ ਮੁਤਾਬਕ ਫੌਜੀ ਮਨਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪੱਟੀ ਆਪਣੀ ਸਵਿਫਟ ਕਾਰ ਵਿਚ ਜਲੰਧਰ ਵੱਲ ਜਾ ਰਹੇ ਸਨ | ਜਦੋਂ ਉਹ ਜੰਡਿਆਲਾ ਗੁਰੂ ਨੇੜੇ ਨੈਸ਼ਨਲ ਹਾਈਵੇ 'ਤੇ ਆਪਣੇ ਦੋਸਤ ਦਾ ਇੰਤਜ਼ਾਰ ਕਰ ਰਹੇ ਸਨ, ਤਦੋਂ ਅਚਾਨਕ ਖੜੀ ਕਾਰ ਦੇ ਬੋਨਟ ਵਿਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ | ਕਾਰ ਵਿਚ ਇਕ ਛੋਟੇ ਬੱਚੇ ਸਮੇਤ ਕੁੱਲ ਚਾਰ ਜਣੇ ਸਵਾਰ ਸਨ, ਜਿਨ੍ਹਾਂ ਨੇ ਅੱਗ ਦੇਖਦੇ ਹੀ ਸਮੇਂ ਸਿਰ ਗੱਡੀ ਤੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ | ਮੌਕੇ 'ਤੇ ਮੌਜੂਦ ਲੋਕਾਂ ਵਲੋਂ ਮਿੱਟੀ ਅਤੇ ਰੇਤ ਪਾ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਅੱਗ ਬਹੁਤ ਭਿਆਨਕ ਹੋਣ ਕਾਰਨ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ ਗਿਆ | ਫਾਇਰ ਬਿ੍ਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕਾਰ ਨੂੰ ਲਗਪਗ 2 ਲੱਖ ਰੁਪਏ ਦਾ ਨੁਕਸਾਨ ਪਹੁੰਚਿਆ ਹੈ | ਪਰਿਵਾਰ ਨੇ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਨੈਸ਼ਨਲ ਹਾਈਵੇ 'ਤੇ ਐਮਰਜੈਂਸੀ ਲਈ ਫਾਇਰ ਬਿ੍ਗੇਡ ਦੀ ਗੱਡੀ ਹਰ ਵੇਲੇ ਤਾਇਨਾਤ ਰਹੇ, ਤਾਂ ਜੋ ਅਜਿਹੀਆਂ ਘਟਨਾਵਾਂ ਵਿਚ ਤੁਰੰਤ ਕਾਰਵਾਈ ਕੀਤੀ ਜਾ ਸਕੇ | ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਹ ਘਟਨਾ ਸੜਕ ਸੁਰੱਖਿਆ ਅਤੇ ਐਮਰਜੈਂਸੀ ਪ੍ਰਬੰਧਾਂ 'ਤੇ ਵੱਡੇ ਸਵਾਲ ਖੜੇ ਕਰਦੀ ਹੈ |