ਅਜਨਾਲਾ, 5 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ 'ਚ ਨਗਰ ਨਿਗਮਾਂ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਧਿਰਾਂ ਵਲੋਂ ਤਿਆਰੀਆਂ ਜ਼ੋਰਾਂ ਨਾਲ ਵਿੱਢ ਦਿੱਤੀਆਂ ਗਈਆਂ ਹਨ | ਹੋਰਨਾਂ ਪਾਰਟੀਆਂ ਵਾਂਗ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਵਲੋਂ ਵੀ ਇਨ੍ਹਾਂ ਚੋਣਾਂ ਨੂੰ ਲੈ ਕੇ ਕਮਰਕੱਸੇ ਕੱਸ ਲਏ ਹਨ ਤੇ ਉਮੀਦਵਾਰਾਂ ਦੀ ਚੋਣ ਲਈ ਵੀ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ | 'ਆਪ' ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖਤਾਂ ਹੇਠ ਜਾਰੀ ਪੱਤਰ ਅਨੁਸਾਰ ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ 5 ਮੈਂਬਰੀ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਮੇਟੀ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਬਟਾਲਾ, ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪੰਜਾਬ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਅਜਨਾਲਾ, ਗੁਰਦੇਵ ਸਿੰਘ ਲਾਖਣਾ ਸੂਬਾ ਸਕੱਤਰ ਅਤੇ ਗੁਰਪ੍ਰਤਾਪ ਸਿੰਘ ਜ਼ਿਲ੍ਹਾ ਇੰਚਾਰਜ ਨੂੰ ਸ਼ਾਮਿਲ ਕੀਤਾ ਗਿਆ ਹੈ | ਇਸ ਤੋਂ ਇਲਾਵਾ ਨਗਰ ਕੌਂਸਲ ਰਮਦਾਸ ਲਈ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਬਟਾਲਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾਂ, ਗੁਰਦੇਵ ਸਿੰਘ ਲਾਖਣਾ ਸੂਬਾ ਸਕੱਤਰ ਤੇ ਗੁਰਪ੍ਰਤਾਪ ਸਿੰਘ ਜ਼ਿਲ੍ਹਾ ਇੰਚਾਰਜ ਨੂੰ ਸ਼ਾਮਿਲ ਕੀਤਾ ਗਿਆ ਹੈ | ਸਥਾਨਿਕ ਪੱਧਰ ਤੇ ਵੀ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਲੜਨ ਵਾਲੇ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਹੁਣ ਤੋਂ ਹੀ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤੋਂ ਇਲਾਵਾ ਸਿਆਸੀ ਆਗੂਆਂ ਦੇ ਦਰਾਂ ਤੇ ਗੇੜੇ ਮਾਰ ਕੇ ਆਪਣੇ ਪਰ ਤੋਲੇ ਜਾ ਰਹੇ ਹਨ |
'ਆਪ' ਵਲੋਂ ਨਗਰ ਪੰਚਾਇਤ ਅਜਨਾਲਾ ਤੇ ਨਗਰ ਕੌਂਸਲ ਰਮਦਾਸ ਦੇ ਉਮੀਦਵਾਰਾਂ ਦੀ ਚੋਣ ਲਈ ਸਕਰੀਨਿੰਗ ਕਮੇਟੀਆਂ ਦਾ ਕੀਤਾ ਗਠਨ <br/>
ਅਜੀਤ ਡੈਸਕ
06-05-2026