ਜੰਡਿਆਲਾ ਗੁਰੂ, 5 ਮਈ (ਹਰਜਿੰਦਰ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਵਧਾਉਂਦੇ ਹੋਏ ਮਨਜੀਤ ਸਿੰਘ ਮੰਨਾ ਮੀਆਂਵਿੰਡ, ਸਾਬਕਾ ਰਾਜ ਮੰਤਰੀ ਪੰਜਾਬ ਵਲੋਂ ਭਾਜਪਾ ਹਾਈ ਕਮਾਂਡ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਭੂਸ਼ਣ ਆਨੰਦ ਨੂੰ ਜੰਡਿਆਲਾ ਗੁਰੂ ਸਿਟੀ ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ | ਮਨਜੀਤ ਮੰਨਾ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਇਲਾਕੇ ਵਿਚ ਪਾਰਟੀ ਨੂੰ ਨਵੀਂ ਤਾਕਤ ਅਤੇ ਦਿਸ਼ਾ ਮਿਲੇਗੀ | ਇਸ ਮੌਕੇ ਸੰਬੋਧਨ ਕਰਦਿਆਂ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਯੋਗ ਅਤੇ ਸਮਰਪਿਤ ਵਰਕਰਾਂ ਨੂੰ ਅੱਗੇ ਲਿਆਉਣ ਵਿਚ ਵਿਸ਼ਵਾਸ ਰੱਖਦੀ ਹੈ | ਉਨ੍ਹਾਂ ਨੇ ਕਿਹਾ ਕਿ ਭੂਸ਼ਣ ਆਨੰਦ ਪਾਰਟੀ ਦੇ ਵਫ਼ਾਦਾਰ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਪਾਰਟੀ ਦੀ ਨੀਤੀ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ | ਇਨ੍ਹਾਂ ਦੀ ਨਿਯੁਕਤੀ ਨਾਲ ਜੰਡਿਆਲਾ ਗੁਰੂ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਨਵੇਂ ਕੀਰਤੀਮਾਨ ਸਥਾਪਿਤ ਕਰੇਗੀ | ਸ. ਮੰਨਾ ਨੇ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਦੇਸ਼ ਅਤੇ ਸਮਾਜ ਦੀ ਸੇਵਾ ਕਰਨਾ ਹੈ ਅਤੇ ਇਸੇ ਮਕਸਦ ਨਾਲ ਪਾਰਟੀ ਹਰ ਵਰਗ ਦੇ ਲੋਕਾਂ ਨਾਲ ਜੁੜ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹਰ ਇਕ ਪਾਰਟੀ ਵਰਕਰ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਭੂਸ਼ਣ ਆਨੰਦ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੇ ਜਜ਼ਬੇ ਨਾਲ ਕੰਮ ਕਰਨ ਅਤੇ ਸੰਗਠਨ ਨੂੰ ਨਵੀਆਂ ਮੰਜ਼ਿਲਾਂ ਤੱਕ ਲੈ ਕੇ ਜਾਣ | ਮੰਡਲ ਪ੍ਰਧਾਨ ਭੂਸ਼ਣ ਆਨੰਦ ਨੇ ਪਾਰਟੀ ਹਾਈ ਕਮਾਂਡ ਅਤੇ ਮਨਜੀਤ ਸਿੰਘ ਮੰਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਪੂਰੀ ਕਰਨਗੇ | ਇਸ ਮੌਕੇ ਸਰਬਜੀਤ ਸਿੰਘ ਸੰਧੂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਜਨਰਲ ਸਕੱਤਰ, ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਜਗਰੂਪ ਸਿੰਘ ਵਡਾਲੀ, ਬਲਜਿੰਦਰ ਸਿੰਘ ਯੂਥ ਪ੍ਰਧਾਨ ਅਤੇ ਹਰਜਿੰਦਰ ਸਿੰਘ ਜ਼ਿਲ੍ਹਾ ਉਪ ਪ੍ਰਧਾਨ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ | ਅੰਤ ਵਿਚ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਭਾਜਪਾ ਇਕ ਅਜਿਹੀ ਪਾਰਟੀ ਹੈ ਜੋ ਸੰਗਠਨਾਤਮਕ ਅਨੁਸ਼ਾਸਨ ਤੇ ਸਮਰਪਣ ਨੂੰ ਸਭ ਤੋਂ ਵੱਧ ਮਹੱਤਵ ਦਿੰਦੀ ਹੈ ਤੇ ਇਸੇ ਰਾਹ 'ਤੇ ਚਲਦਿਆਂ ਪਾਰਟੀ ਦੇਸ਼ ਵਿਚ ਵਿਕਾਸ ਅਤੇ ਤਰੱਕੀ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਹੀ ਹੈ |