ਅਜਨਾਲਾ, 13 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਸਿਕੰਜਾ ਕੱਸ ਦਿੱਤਾ ਹੈ, ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਸੁਹੇਲ ਮੀਰ ਕਾਸਿਮ ਦੇ ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਅਜਨਾਲਾ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ 2 ਦਿਨਾਂ 'ਚ ਕਣਕ ਦੇ ਨਾੜ ਅਤੇ ਰਹਿੰਦ ਖੂੰਦ ਨੂੰ ਅੱਗ ਲਗਾਉਣ ਵਾਲ ਲਗਭਗ 61 ਕਿਸਾਨਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ਼ ਕੀਤੇ ਹਨ | ਜਾਣਕਾਰੀ ਅਨੁਸਾਰ ਇਹ ਕਾਰਵਾਈ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਗਈ ਹੈ | ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲਿਆਂ ਵਿਚ ਜ਼ਿਆਦਾਤਰ ਕਿਸਾਨ ਅਣਪਛਾਤੇ ਦੱਸੇ ਜਾ ਰਹੇ ਹਨ | 'ਅਜੀਤ' ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ ਅਜਨਾਲਾ ਗੁਰਦੀਪ ਸਿੰਘ ਨੇ ਦੱਸਿਆ ਕਿ ਕਣਕ ਦੇ ਨਾੜ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦਿਆਂ 12 ਅਤੇ 13 ਮਈ ਨੂੰ ਥਾਣਾ ਅਜਨਾਲਾ 'ਚ ਵੱਖ-ਵੱਖ ਪਿੰਡਾਂ ਦੇ 31 ਕਿਸਾਨਾਂ ਤੇ ਮੁਕੱਦਮੇ ਦਰਜ਼ ਕੀਤੇ ਗਏ ਹਨ ਜਦਕਿ ਥਾਣਾ ਝੰਡੇਰ 'ਚ 20 ਅਤੇ ਥਾਣਾ ਰਮਦਾਸ 'ਚ 10 ਅਣਪਛਾਤੇ ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ਼ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਬਦਲਵੇਂ ਤਰੀਕਿਆਂ ਦੀ ਵਰਤੋਂ ਕਰਨ |