ਜੰਡਿਆਲਾ ਗੁਰੂ, 16 ਮਈ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਤੇ ਹਰਿਆਣਾ ਰਾਜ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 1 ਮਈ ਤੋਂ ਸ਼ੁਰੂ ਕੀਤੀ ਗਈ ਹੜਤਾਲ ਦਾ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਮੁੱਖ ਸਕੱਤਰਾਂ ਨੂੰ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਕੌਮੀ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਲਿਖੇ ਪੱਤਰਾਂ ਵਿਚ ਦੱਸਿਆ ਕਿ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਹਰਿਆਣਾ ਤੇ ਪੰਜਾਬ ਰਾਜ ਦੀਆਂ ਨਗਰ ਪਾਲਿਕਾਵਾਂ, ਨਗਰ ਕੌਂਸਲਾਂ ਅਤੇ ਨਿਗਮਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਕੀਤੀ ਹੜਤਾਲ ਪ੍ਰਤੀ ਬੇਹੱਦ ਗੰਭੀਰ ਹੈ | ਹਰਦੀਪ ਸਿੰਘ ਗਿੱਲ ਨੇ ਲਿਖੇ ਪੱਤਰਾਂ ਵਿਚ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਕਿਉਂਕਿ ਸਫਾਈ ਮੁਲਾਜ਼ਮ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ | ਉਨ੍ਹਾਂ ਕਿਹਾ ਕਿ ਹਰਿਆਣਾ ਤੇ ਪੰਜਾਬ ਰਾਜ ਦੇ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿਆਪਕ ਕਾਰਜ-ਯੋਜਨਾ ਤਿਆਰ ਕਰਵਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਤੇ ਨਿਆਂਪੂਰਨ ਹੱਲ ਕਰਵਾਉਣਾ ਸਮੇਂ ਦੀ ਲੋੜ ਹੈ |