ਜੰਡਿਆਲਾ ਗੁਰੂ, 21 ਮਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੀ ਸਰਗਰਮ ਪਹਿਲਕਦਮੀ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਦਖ਼ਲ ਨਾਲ ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਅੱਜ ਆਪਸੀ ਸਹਿਮਤੀ ਨਾਲ ਸਮਾਪਤ ਹੋ ਗਈ | ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਨਗਰ ਕੌਂਸਲ ਜੰਡਿਆਲਾ ਗੁਰੂ, ਦਫ਼ਤਰ ਪਹੁੰਚ ਕੇ ਸਫਾਈ ਕਰਮਚਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ | ਗੱਲਬਾਤ ਦੌਰਾਨ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸੰਵੇਦਨਸ਼ੀਲਤਾ ਨਾਲ ਹੱਲ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਨੂੰ ਪਹਿਲ ਦਿੱਤੀ ਜਾਵੇਗੀ | ਮੀਟਿੰਗ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ, ਜਿਸ ਨਾਲ ਸ਼ਹਿਰ ਵਿਚ ਸਫਾਈ ਪ੍ਰਬੰਧ ਮੁੜ ਸੁਚਾਰੂ ਢੰਗ ਨਾਲ ਚੱਲਣਾ ਸ਼ੁਰੂ ਹੋ ਗਿਆ ਹੈ | ਹੜਤਾਲ ਖਤਮ ਹੋਣ ਨਾਲ ਸ਼ਹਿਰ ਵਾਸੀਆਂ ਨੇ ਵੀ ਰਾਹਤ ਮਹਿਸੂਸ ਕੀਤੀ | ਇਸ ਮੌਕੇ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਅਤੇ ਸ਼ਹਿਰਾਂ ਵਿਚ ਮਜ਼ਬੂਤ ਤੇ ਸੁਚੱਜੀ ਸਫ਼ਾਈ ਪ੍ਰਣਾਲੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਕਰਾਰ ਦਿੱਤਾ |