ਵੱਧ ਰਹੀ ਮਹਿੰਗਾਈ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ-ਨਿਰਮਲ ਛੱਜਲਵੱਡੀ
ਅਜੀਤ ਡੈਸਕ
28-05-2026
ਟਾਂਗਰਾ, 27 ਮਈ (ਹਰਜਿੰਦਰ ਸਿੰਘ ਕਲੇਰ)-ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ | ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਕਾਰਨ ਗਰੀਬ, ਮਜ਼ਦੂਰ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਘਰੇਲੂ ਬਜਟ ਡਗਮਗਾਉਣ ਲੱਗ ਪਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾ. ਨਿਰਮਲ ਸਿੰਘ ਛੱਜਲਵੱਡੀ ਸੂਬਾ ਮੀਤ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਵੀ ਮਹਿੰਗਾਈ ਵਧਦੀ ਹੈ ਤਾਂ ਇਸਦਾ ਸਭ ਤੋਂ ਵੱਧ ਅਸਰ ਗਰੀਬ ਅਤੇ ਮਜ਼ਦੂਰ ਵਰਗ 'ਤੇ ਪੈਂਦਾ ਹੈ | ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨਾਲ ਰੋਜ਼ਮਰਾ ਵਰਤੋਂ ਵਾਲੇ ਸਾਮਾਨ ਦੀਆਂ ਕੀਮਤਾਂ ਵੀ ਵਧ ਜਾਂਦੀਆਂ ਹਨ, ਜਿਸ ਨਾਲ ਆਮ ਲੋਕਾਂ ਦਾ ਮਹੀਨਾਵਾਰ ਬਜਟ ਗੋਤੇ ਖਾਣ ਲੱਗ ਪੈਂਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਪਦਾਰਥਾਂ 'ਤੇ ਵਸੂਲੀ ਜਾ ਰਹੀ ਐਕਸਾਈਜ਼ ਡਿਊਟੀ ਘਟਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਨੂੰ ਪਹਿਲ ਦੇ ਰਹੀ ਹੈ ਜਦਕਿ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਪੀੜਤ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਰਹੀ ਮਹਿੰਗਾਈ ਦੇ ਇਸ ਦੌਰ ਵਿਚ ਪੀੜਤ ਜਨਤਾ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾਵੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਆਂ ਸਰਕਾਰ 'ਤੇ ਰਾਹਤ ਦੇਣ ਲਈ ਦਬਾਅ ਬਣਾਇਆ ਜਾਵੇ |