ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)- ਗੁਰਦੁਆਰਾ ਸ਼ਹੀਦਾਂ ਸਾਹਿਬ (ਸ਼ਹੀਦਗੰਜ ਸਾਹਿਬ) ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਅਤੇ ਸਥਾਨਕ ਨਿਵਾਸੀਆਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਮੇਅਰ ਜਤਿੰਦਰ ਸਿੰਘ ਭਾਟੀਆ ਵਲੋਂ ਗੁ: ਸ਼ਹੀਦਗੰਜ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕੇ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਉੱਚ ਅਧਿਕਾਰੀ ਅਤੇ ਏ. ਸੀ. ਪੀ. ਟ੍ਰੈਫਿਕ ਅਮਨਦੀਪ ਕੌਰ ਤੇ ਇਲਾਕੇ ਦੇ ਟ੍ਰੈਫਿਕ ਇੰਚਾਰਜ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਦੌਰਾਨ ਮੇਅਰ ਭਾਟੀਆ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਅਤੇ ਨਾਲ ਲੱਗਦੀਆਂ ਮੁੱਖ ਸੜਕਾਂ ‘ਤੇ ਲੱਗਣ ਵਾਲੇ ਟ੍ਰੈਫਿਕ ਜਾਮ ਅਤੇ ਨਾਜਾਇਜ਼ ਕਬਜ਼ਿਆਂ ਦੀ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ। ਇਸ ਉਪਰੰਤ ਮੇਅਰ ਵਲੋਂ ਸੰਬੰਧਿਤ ਇਲਾਕੇ ਦੇ ਟ੍ਰੈਫਿਕ ਇੰਚਾਰਜ, ਸੈਨੀਟੇਸ਼ਨ ਵਿਭਾਗ ਅਤੇ ਤਕਨੀਕੀ ਸ਼ਾਖਾ ਦੇ ਅਧਿਕਾਰੀਆਂ ਨਾਲ ਮੌਕੇ ‘ਤੇ ਹੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਸੰਗਤਾਂ ਦੀ ਸਹੂਲਤ ਲਈ ਟ੍ਰੈਫਿਕ ਇੰਚਾਰਜ ਨੂੰ ਨਿਰਦੇਸ਼ ਦਿੱਤੇ ਗਏ ਕਿ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਵਾਹਨਾਂ ਦੀ ਪਾਰਕਿੰਗ ਨੂੰ ਯੋਜਨਾਬੱਧ ਕੀਤਾ ਜਾਵੇ ਅਤੇ ਭੀੜ ਦੌਰਾਨ ਵਾਧੂ ਟ੍ਰੈਫਿਕ ਕਰਮੀ ਤਾਇਨਾਤ ਕੀਤੇ ਜਾਣ ਤਾਂ ਜੋ ਜਾਮ ਦੀ ਸਥਿਤੀ ਪੈਦਾ ਨਾ ਹੋਵੇ ਅਤੇ ਸੜਕਾਂ ਦੇ ਕਿਨਾਰੇ ਲੱਗਣ ਵਾਲੀਆਂ ਰੇਹੜੀਆਂ-ਫੜ੍ਹੀਆਂ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਸੜਕਾਂ ਦੇ ਸੁੰਗੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਿਗਮ ਦੀ ਤਹਿਬਾਜ਼ਾਰੀ ਟੀਮ ਨੂੰ ਨਿਯਮਿਤ ਚੈਕਿੰਗ ਕਰਨ ਦੇ ਹੁਕਮ ਦਿੱਤੇ। ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਸ ਧਾਰਮਿਕ ਅਸਥਾਨ ਦੇ ਆਲੇ-ਦੁਆਲੇ 24 ਘੰਟੇ ਸਫ਼ਾਈ ਵਿਵਸਥਾ ਯਕੀਨੀ ਬਣਾਈ ਜਾਵੇ ਅਤੇ ਕੂੜੇ ਦੇ ਨਿਪਟਾਰੇ ਲਈ ਵਿਸ਼ੇਸ਼ ਟੀਮਾਂ ਲਗਾਈਆਂ ਜਾਣ ਤਾਂ ਜੋ ਇੱਥੇ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਉਪਰੰਤ ਮੇਅਰ ਨੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਦੇ ਦਫ਼ਤਰ ‘ਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਨਾਲ ਬੈਠਕ ਕੀਤੀ।