ਸਠਿਆਲਾ, 11 ਜੂਨ (ਜਗੀਰ ਸਿੰਘ ਸਫਰੀ)-ਬਿਆਸ ਵਾਇਆ ਬਟਾਲਾ ਨੂੰ ਜਾਣ ਵਾਲੀ ਜਰਨੈਲੀ ਸੜਕ ਪਿੰਡ ਠੱਠੀਆਂ ਤੋਂ ਸਠਿਆਲਾ ਤੱਕ ਸੜਕ 'ਚ ਡੂੰਘੇ ਖੱਡੇ ਪੈਣ ਕਾਰਨ ਵਾਹਨ ਚਾਲਕ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ | ਇਸ ਬਾਰੇ ਸਥਾਨਕ ਲੋਕਾਂ ਅਤੇ ਰਾਹਗੀਰਾਂ ਦਾ ਕਹਿਣਾ ਹੈ ਕਿ ਕਈ ਵਾਰ ਸੰਬੰਧਿਤ ਵਿਭਾਗ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਜਾ ਚੁੱਕਾ ਹੈ, ਪਰ ਅਜੇ ਤੱਕ ਸੜਕ ਦੀ ਮੁਰੰਮਤ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ | ਰਾਗਗੀਰਾਂ ਨੇ ਦੱਸਿਆ ਹੈ ਕਿ ਬਰਸਾਤ ਦੇ ਦਿਨਾਂ ਵਿਚ ਇਹ ਖੱਡੇ ਪਾਣੀ ਨਾਲ ਭਰ ਜਾਣ ਕਾਰਨ ਦੋਪਹੀਆ ਵਾਹਨ ਚਾਲਕਾਂ ਨੂੰ ਵਧੇਰੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਹਾਦਸਿਆਂ ਦੀ ਸੰਭਾਵਨਾ ਵੀ ਵੱਧ ਸਕਦੀ ਹੈ ਤੇ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਜਰਨੈਲੀ ਸੜਕ ਦੀ ਤੁਰੰਤ ਮੁਰੰਮਤ ਕਰਵਾ ਕੇ ਡੂੰਘੇ ਖੱਡਿਆਂ ਨੂੰ ਭਰਿਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ |