ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਤੋਂ ਬਾਅਦ ਥਾਣਾ ਮਜੀਠਾ ਵਿਖੇ ਵਾਪਰੇ ਘਟਨਾਕ੍ਰਮ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਨੂੰ ਅੱਜ ਜ਼ਮਾਨਤ ਮਿਲਣ ਦੀ ਖ਼ਬਰ ਮਿਲਦਿਆਂ ਹੀ ਹਲਕਾ ਅਜਨਾਲਾ ਦੇ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਤੇ ਐਡਵੋਕੇਟ ਮਨਜੀਤ ਸਿੰਘ ਨਿੱਝਰ, ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਜਾਪੀਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਚੰਦ ਸਿੰਘ ਹਰੜ ਤੇ ਸਾਬਕਾ ਸਰਪੰਚ ਦਲਬੀਰ ਸਿੰਘ ਚੱਕ ਡੋਗਰਾ ਸਮੇਤ ਹੋਰਨਾਂ ਆਗੂਆਂ ਵਲੋਂ ਮਾਨਯੋਗ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਇਨਸਾਫ਼ ਅਤੇ ਕਾਨੂੰਨੀ ਪ੍ਰਕਿਰਿਆ ਉਤੇ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਵਾਲਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਕਤ ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਸਰਕਾਰੀ ਤੰਤਰ ਦੀ ਵਰਤੋਂ ਕਰ ਰਹੀ ਹੈ, ਪਰ ਅਦਾਲਤਾਂ ਵਿਚ ਹਰੇਕ ਮਾਮਲੇ ਦੀ ਸੁਣਵਾਈ ਤੱਥਾਂ ਅਤੇ ਕਾਨੂੰਨ ਦੇ ਆਧਾਰ ‘ਤੇ ਹੁੰਦੀ ਹੈ। ਆਗੁਆਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਅੱਜ ਮਹਿੰਗਾਈ, ਬੇਰੁਜ਼ਗਾਰੀ, ਕਿਸਾਨੀ ਸੰਕਟ, ਨਸ਼ਿਆਂ ਅਤੇ ਬੁਨਿਆਦੀ ਸਹੂਲਤਾਂ ਵਰਗੇ ਅਹਿਮ ਮੁੱਦਿਆਂ ਨਾਲ ਜੂਝ ਰਹੀ ਹੈ ਪਰ ਸਰਕਾਰ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਸਿਆਸੀ ਬਦਲਾਖੋਰੀ ਵਿਚ ਜ਼ਿਆਦਾ ਦਿਲਚਸਪੀ ਲੈ ਰਹੀ ਹੈ। ਉਕਤ ਆਗੂਆਂ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਵਰਕਰ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੇ ਰਹੇ ਹਨ ਅਤੇ ਭਵਿੱਖ ਵਿਚ ਵੀ ਲੋਕ ਹਿਤਾਂ ਦੀ ਲੜਾਈ ਲੜਦੇ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਮਾਮਲਿਆਂ ਨਾਲ ਪਾਰਟੀ ਦਾ ਮਨੋਬਲ ਘਟਣ ਦੀ ਬਜਾਏ ਹੋਰ ਮਜ਼ਬੂਤ ਹੋਇਆ ਹੈ ਅਤੇ ਵਰਕਰ ਪਹਿਲਾਂ ਨਾਲੋਂ ਵੱਧ ਜੋਸ਼ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਵਿਚਕਾਰ ਜਾਣ ਦਾ ਕੰਮ ਕਰਨਗੇ।
ਬਿਕਰਮ ਸਿੰਘ ਮਜੀਠੀਆ ਤੇ ਜੋਧ ਸਿੰਘ ਸਮਰਾ ਨੂੰ ਜ਼ਮਾਨਤ ਮਿਲਣ ਨਾਲ ਹਲਕਾ ਅਜਨਾਲਾ ਦੇ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ
ਅਜੀਤ ਡੈਸਕ
16-06-2026