ਜੰਡਿਆਲਾ ਗੁਰੂ, 26 ਜੂਨ (ਅੰਮ੍ਰਿਤ ਪਾਲ ਸਿੰਘ)-ਕੌਮੀ ਅਣਖ ਦੇ ਪ੍ਰਤੀਕ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਜ਼ਿਲ੍ਹਾ ਕਪੂਰਥਲਾ ਦੇ ਸੁਭਾਨਪੁਰ ਵਿਖੇ ਸਥਾਪਿਤ ਕੀਤੀ ਜਾ ਰਹੀ ਸ਼ਹੀਦ ਊਧਮ ਸਿੰਘ ਸਕਿੱਲ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਦੇ ਐਕਟ-2026 ਨੂੰ ਕਾਨੂੰਨੀ ਮਾਨਤਾ ਦਿਵਾਉਣ ਲਈ 31 ਜੁਲਾਈ 2026 ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਕੰਬੋਜ ਫਾਊਂਡੇਸ਼ਨ ਦੇ ਚੇਅਰਮੈਨ ਡਾ. ਮੰਗਲ ਸਿੰਘ ਕਿਸ਼ਨਪੁਰੀ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਵਫ਼ਦ ਨੇ ਦੱਸਿਆ ਕਿ ਫਾਊਂਡਰ ਚਾਂਸਲਰ ਡਾ. ਸੰਦੀਪ ਸਿੰਘ ਕੌੜਾ ਦੀ ਅਗਵਾਈ ਹੇਠ ਇਹ ਅੰਤਰਰਾਸ਼ਟਰੀ ਪੱਧਰ ਦੀ ਯੂਨੀਵਰਸਿਟੀ ਆਪਣਾ ਪਹਿਲਾ ਵਿਦਿਅਕ ਸੈਸ਼ਨ ਸ਼ੁਰੂ ਕਰਨ ਜਾ ਰਹੀ ਹੈ। ਯੂਨੀਵਰਸਿਟੀ ਦਾ ਉਦੇਸ਼ ਨੌਜਵਾਨਾਂ ਨੂੰ ਹੁਨਰ-ਅਧਾਰਿਤ ਸਿੱਖਿਆ ਪ੍ਰਦਾਨ ਕਰਕੇ ਰੁਜ਼ਗਾਰ ਅਤੇ ਉਦਯੋਗਿਕ ਖੇਤਰ ਵਿਚ ਨਵੀਆਂ ਸੰਭਾਵਨਾਵਾਂ ਪੈਦਾ ਕਰਨਾ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਾਈਚਾਰੇ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਮੰਗ ਪੱਤਰ ਦੀ ਅਹਿਮੀਅਤ ਨੂੰ ਦੇਖਦਿਆਂ ਇਸ ਨੂੰ ਤੁਰੰਤ ਪੰਜਾਬ ਦੇ ਮੁੱਖ ਮੰਤਰੀ ਕੋਲ ਭੇਜ ਦਿੱਤਾ। ਇਸ ਮੌਕੇ ਵਫ਼ਦ ਵਿਚ ਸਵਿੰਦਰ ਸਿੰਘ ਚਾਂਦੀ, ਮਨਦੇਪ ਸਿੰਘ ਢੋਟ, ਅਮਰ ਸਿੰਘ, ਜੁਆਇੰਟ ਕੈਸ਼ੀਅਰ ਅਰਸ਼ਦੀਪ ਸਿੰਘ ਅਤੇ ਕੰਬੋਜ ਫਾਊਂਡੇਸ਼ਨ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।