ਅੰਮ੍ਰਿਤਸਰ, 1 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਮੁਹੰਮਦ ਇਸਹਾਕ ਡਾਰ ਨੇ ਭਾਰਤ ਨੂੰ ਚੰਗੇ ਗੁਆਂਢੀਆਂ ਵਾਂਗ ਰਹਿਣ ਅਤੇ ਗੱਲਬਾਤ ਤੇ ਕੂਟਨੀਤੀ ਰਾਹੀਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਅਪ੍ਰੈਲ 2025 ’ਚ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਅੱਤਵਾਦੀ ਹਮਲੇ ਦੌਰਾਨ 26 ਲੋਕਾਂ ਦੀ ਹੱਤਿਆ ਤੋਂ ਬਾਅਦ ਪਾਕਿ ਨਾਲ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰ ਦਿੱਤਾ ਸੀ। ਡਾਰ ਨੇ ਕਿਹਾ ਕਿ ਲੰਬੇ ਸਮੇਂ ਦੀ ਸ਼ਾਂਤੀ ਸਿਰਫ਼ ਆਪਸੀ ਸਤਿਕਾਰ ਅਤੇ ਰਾਜ ਦੀ ਪ੍ਰਭੂਸੱਤਾ ਦੁਆਰਾ ਹੀ ਸੰਭਵ ਹੈ । ਭਾਰਤ ਨਾਲ ਗੱਲਬਾਤ ਰਾਹੀਂ ਮੁੱਦਿਆਂ ਨੂੰ ਹੱਲ ਕਰਨ ਦੀਆਂ ਪਿਛਲੀਆਂ ਕੋਸ਼ਿਸ਼ਾਂ ਬਾਰੇ ਗੱਲ ਕਰਦੇ ਹੋਏ ਪਾਕਿ ਵਿਦੇਸ਼ ਮੰਤਰੀ ਨੇ ਕਿਹਾ ਕਿ ਅਸੀਂ ਪੂਰੀ ਇਮਾਨਦਾਰੀ ਨਾਲ ਸਾਰੇ ਮੁੱਦਿਆਂ ’ਤੇ ਗੱਲ ਕਰਨ ਲਈ ਤਿਆਰ ਹਾਂ, ਪਰ ਅਸੀਂ ਸੰਯੁਕਤ ਗੱਲਬਾਤ ਦਾ ਸੱਦਾ ਦਿੰਦੇ ਹਾਂ, ਇਸ ਲਈ ਦੋ ਲੋਕਾਂ ਵਿਚਕਾਰ ਮਿਲਵਰਤਨ ਜਾਂ ਤਾਲਮੇਲ ਦੀ ਲੋੜ ਹੁੰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਭਾਰਤ ਨੂੰ ‘ਤੰਗ ਦਿਮਾਗ਼’ ਦੱਸਦਿਆਂ ਕਈ ਤੱਥਹੀਣ ਦੋਸ਼ ਲਗਾਏ ਅਤੇ ਧਮਕੀਆਂ ਵੀ ਦਿੱਤੀਆਂ ।