ਰਾਮ ਤੀਰਥ, 6 ਜੁਲਾਈ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕੋਹਾਲੀ ਵਿਚ ਕਰੀਬ 11 ਮਹੀਨੇ ਪਹਿਲਾਂ ਵਾਪਰੇ ਗੋਲੀਕਾਂਡ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਨੌਜਵਾਨ ਮਨਰੂਪ ਸਿੰਘ ਨੂੰ ਅਜੇ ਤੱਕ ਇਨਸਾਫ ਨਾ ਮਿਲਣ ਦਾ ਮਾਮਲਾ ਇਕ ਵਾਰ ਫਿਰ ਚਰਚਾ ਵਿਚ ਆ ਗਿਆ ਹੈ। ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਅਤੇ ਮੁੱਖ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਭਾਈ ਵਡਾਲਾ ਨੇ ਕਿਹਾ ਕਿ ਗੋਲੀ ਲੱਗਣ ਕਾਰਨ ਮਨਰੂਪ ਸਿੰਘ ਪੁੱਤਰ ਗੁਰਪਾਲ ਸਿੰਘ ਦੀਆਂ ਦੋਵੇਂ ਲੱਤਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ ਅਤੇ ਉਹ ਪਿਛਲੇ 11 ਮਹੀਨਿਆਂ ਤੋਂ ਮੰਜੇ ’ਤੇ ਪਿਆ ਇਨਸਾਫ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ 8 ਵਿਅਕਤੀਆਂ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਣ ਅਤੇ ਇਕ ਮੁਲਜ਼ਮ ਰਣਜੀਤ ਸਿੰਘ ਦੀ ਗ੍ਰਿਫ਼ਤਾਰੀ ਹੋਈ ਹੈ, ਦੋ ਦੀਆਂ ਜਮਾਨਤਾਂ ਹੋ ਗਈਆਂ, ਮੁੱਖ ਦੋਸ਼ੀ ਸਮੇਤ 5 ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ । ਉਨ੍ਹਾਂ ਦਾਅਵਾ ਕੀਤਾ ਕਿ ਪੀੜਤ ਪਰਿਵਾਰ ਕਈ ਵਾਰ ਐੱਸ. ਐੱਸ. ਪੀ. ਦਫ਼ਤਰ ਸਮੇਤ ਹੋਰ ਉੱਚ ਅਧਿਕਾਰੀਆਂ ਕੋਲ ਇਨਸਾਫ ਦੀ ਅਪੀਲ ਕਰ ਚੁੱਕਾ ਹੈ, ਪਰ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ । ਪਰਿਵਾਰ ਕਈ ਵਾਰ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਨੂੰ ਮਿਲ ਚੁੱਕਾ ਹੈ, ਇਸ ਤੋਂ ਇਲਾਵਾ ਪਰਿਵਾਰ ਨੇ ਕਿਸਾਨ ਤੇ ਭਰਾਤਰੀ ਜਥੇਬੰਦੀਆਂ ਦੀ ਮਦਦ ਨਾਲ ਇਨਸਾਫ ਲੈਣ ਲਈ ਕਈ ਵਾਰ ਧਰਨੇ ਮੁਜਾਹਰੇ ਕੀਤੇ ਗਏ ਹਨ, ਪਰ ਉਨ੍ਹਾਂ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ। ਭਾਈ ਵਡਾਲਾ ਨੇ ਦੋਸ਼ ਲਾਇਆ ਕਿ ਸਿਆਸੀ ਦਖ਼ਲਅੰਦਾਜ਼ੀ ਕਾਰਨ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ, ਕਿਉਂਕਿ ਦੋਸ਼ੀ ਵੀ ਆਮ ਆਦਮੀ ਪਾਰਟੀ ਦੇ ਵਰਕਰ ਹਨ । ਪ੍ਰੈੱਸ ਕਾਨਫਰੰਸ ਦੌਰਾਨ ਭਾਈ ਵਡਾਲਾ ਨੇ ਆਮ ਆਦਮੀ ਪਾਰਟੀ ਦੀ ਆਗੂ ਸੋਨੀਆ ਮਾਨ ’ਤੇ ਵੀ ਗੰਭੀਰ ਇਲਜ਼ਾਮ ਲਗਾਉਂਦਿਆਂ ਦਾਅਵਾ ਕੀਤਾ ਕਿ ਉਹ ਕਥਿਤ ਤੌਰ ’ਤੇ ਦੋਸ਼ੀਆਂ ਦਾ ਪੱਖ ਲੈ ਰਹੀ ਹੈ, ਜਿਸ ਕਾਰਨ ਪੁਲਿਸ ਕਾਰਵਾਈ ਪ੍ਰਭਾਵਿਤ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸਿੱਖ ਸਦਭਾਵਨਾ ਦਲ ਪੀੜਤ ਪਰਿਵਾਰ ਨਾਲ ਮਿਲ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਏਗਾ । ਭਾਈ ਵਡਾਲਾ ਨੇ ਕਿਹਾ ਕਿ ਪੰਜਾਬ ਵਿਚ ਗੈਂਗਵਾਰ ਅਤੇ ਹਥਿਆਰਾਂ ਦੀ ਵਧ ਰਹੀ ਦੁਰਵਰਤੋਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਲੋਕਾਂ ਦਾ ਕਾਨੂੰਨ ਅਤੇ ਨਿਆਂ ਪ੍ਰਣਾਲੀ ’ਤੇ ਵਿਸ਼ਵਾਸ ਬਣਿਆ ਰਹੇ । ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਦੋਸ਼ੀਆਂ ਵਲੋਂ ਧਮਕੀਆਂ ਮਿਲ ਰਹੀਆਂ ਹਨ, ਜੇ ਭਵਿੱਖ ਵਿਚ ਵੀ ਉਨ੍ਹਾਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਵਾਸਤੇ ਸੋਨੀਆ ਮਾਨ, ਪੁਲਿਸ ਪ੍ਰਸ਼ਾਸਨ ਤੇ ਉਕਤ ਦੋਸ਼ੀ ਜਿੰਮੇਵਾਰ ਹੋਣਗੇ।
ਰਾਜਾਸਾਂਸੀ ਗੋਲੀਕਾਂਡ : 11 ਮਹੀਨੇ ਬਾਅਦ ਵੀ ਪੀੜਤ ਨੂੰ ਇਨਸਾਫ਼ ਨਹੀਂ
ਅਜੀਤ ਡੈਸਕ
07-07-2026