ਜੰਡਿਆਲਾ ਗੁਰੂ, 8 ਜੁਲਾਈ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਜੰਡਿਆਲਾ ਗੁਰੂ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ’ਚ 90 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਜੰਡਿਆਲਾ ਗੁਰੂ ਵਿਖੇ ਕਰਵਾਏ ਗਏ ਇਸ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਇਹ ਸਾਰੇ ਬੱਚੇ ਸਾਡੇ ਹਲਕੇ, ਸੂਬਾ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਤੇ ਸਾਲ 2022 ’ਚ ਜਦੋਂ ਉਹ ਵਿਧਾਇਕ ਅਤੇ ਕੈਬਨਿਟ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਜੰਡਿਆਲਾ ਗੁਰੂ ਹਲਕੇ ਦੇ ਸਾਰੇ 163 ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਆਰੰਭੇ ਸਨ ਅਤੇ ਅੱਜ ਉਨ੍ਹਾਂ ਨੂੰ ਮਾਣ ਹੈ ਕਿ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਗਈ ਹੈ । ਉਨ੍ਹਾਂ ਕਿਹਾ ਕਿ ਇਸ ਸਾਲ 2026 ’ਚ 90 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਵਾਰ 509 ਵਿਦਿਆਰਥੀਆਂ ਵਿਚੋਂ 20 ਵਿਦਿਆਰਥਣਾਂ ਕੇਵਲ ਜੰਡਿਆਲਾ ਗੁਰੂ ਦੇ ਸਕੂਲ ਆਫ਼ ਐਮੀਂਨੈਂਸ ’ਚੋਂ ਆਈਆਂ ਹਨ । ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣਾ ਬਹੁਤ ਜ਼ਰੂਰੀ ਹੈ । ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਾਪਤੀ ਲਈ ਸਭ ਤੋਂ ਪਹਿਲਾਂ ਨਿਸ਼ਾਨਾ ਮਿਥਣਾ ਪੈਂਦਾ ਹੈ । ਇਸ ਮੌਕੇ ਐੱਸ.ਐੱਸ.ਪੀ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਆਪਣੀ ਰੁਚੀ ਰੱਖਣ ਲਈ ਕਿਹਾ । ਇਸ ਮੌਕੇ ਸੁਹਿੰਦਰ ਕੌਰ, ਸੁਰਿੰਦਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ, ਰਜੇਸ਼ ਖੰਨਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ, ਚੇਅਰਮੈਨ ਛਨਾਖਾ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਜੁਗਰਾਜ ਸਿੰਘ ਹਲਕਾ ਕੋਆਰਡੀਨੇਟਰ ਜੰਡਿਆਲਾ ਗੁਰੂ, ਸੁਨੈਨਾ ਰੰਧਾਵਾ, ਸਰਪੰਚ ਗੁਰਮੁੱਖ ਸਿੰਘ, ਕੌਂਸਲਰ ਅਮਨਦੀਪ ਸਿੰਘ ਵਿਰਕ, ਰਾਜ ਕੁਮਾਰ ਮਲਹੋਤਰਾ, ਸਰਪੰਚ ਬਲਜਿੰਦਰ ਸਿੰਘ ਨੋਨੇ, ਨਵਜਿੰਦਰ ਸਿੰਘ ਜੰਡਿਆਲਾ, ਰਾਜਨ ਕੁਮਾਰ ਜ਼ਿਲ੍ਹਾ ਮੈਂਟਰ, ਅਮਰੀਕ ਸਿੰਘ ਸੋਢੀ ਸਮੇਤ ਹੋਰ ਹਾਜ਼ਰ ਸਨ।