ਅਜਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਸ਼ਹਿਰ ਦੇ ਡੀ.ਆਰ. ਹਾਲ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਵਿਧਾਇਕ ਧਾਲੀਵਾਲ ਦੇ ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਦਿਆਂ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੀ ਲੋਕਾਂ ਸਾਹਮਣੇ ਰੱਖਿਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਕਿਸਾਨ ਭਲਾਈ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਆਪਣੇ ਹੱਕਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਅੱਜ ਬਦਲਾਅ ਦੇ ਦੌਰ ਵਿਚੋਂ ਲੰਘ ਰਹੀ ਹੈ ਅਤੇ ਲੋਕ ਹੁਣ ਰਵਾਇਤੀ ਸਿਆਸਤ ਦੀ ਥਾਂ ਕੰਮ ਕਰਨ ਵਾਲੀ ਸਰਕਾਰ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦਾ ਧਿਆਨ ਸਿਰਫ਼ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ‘ਤੇ ਕੇਂਦਰਿਤ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਅਸੀਂ ਸਿਆਸਤ ਨੂੰ ਲੋਕ ਸੇਵਾ ਦਾ ਮਾਧਿਅਮ ਬਣਾਇਆ ਹੈ। ਲੋਕ ਮਿਲਣੀ ਪ੍ਰੋਗਰਾਮਾਂ ਦਾ ਮਕਸਦ ਇਹ ਹੈ ਕਿ ਹਰ ਵਿਅਕਤੀ ਦੀ ਗੱਲ ਬਿਨਾਂ ਕਿਸੇ ਸਿਫ਼ਾਰਸ਼ ਜਾਂ ਦਫ਼ਤਰੀ ਚੱਕਰਾਂ ਤੋਂ ਸਿੱਧੀ ਸੁਣੀ ਜਾਵੇ ਅਤੇ ਉਸਦਾ ਸਮੇਂ ਸਿਰ ਹੱਲ ਕੀਤਾ ਜਾਵੇ। ਪੰਜਾਬ ਦੀ ਜਨਤਾ ਨੇ ਸਾਡੇ ਉੱਤੇ ਜੋ ਭਰੋਸਾ ਕੀਤਾ ਹੈ, ਉਸ ਨੂੰ ਕਾਇਮ ਰੱਖਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਲੋਕਾਂ ਨੂੰ ਦੱਸਣ ਲਈ ਕੋਈ ਠੋਸ ਏਜੰਡਾ ਨਹੀਂ ਹੈ। ਇਸ ਲਈ ਉਹ ਬੇਬੁਨਿਆਦ ਦੋਸ਼ਾਂ ਅਤੇ ਭਰਮ ਫੈਲਾਉਣ ਦੀ ਰਾਜਨੀਤੀ ਕਰ ਰਹੀਆਂ ਹਨ, ਪਰ ਪੰਜਾਬ ਦੇ ਲੋਕ ਹੁਣ ਸੱਚਾਈ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਸਾਡੀ ਸਰਕਾਰ ਦਾ ਹਰ ਫੈਸਲਾ ਲੋਕ ਹਿੱਤ ਅਤੇ ਪੰਜਾਬ ਦੀ ਤਰੱਕੀ ਨੂੰ ਸਮਰਪਿਤ ਹੈ। ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਜਾਰੀ ਰਹਿਣਗੇ ਅਤੇ ਹਲਕਾ ਅਜਨਾਲਾ ਨੂੰ ਵਿਕਾਸ ਪੱਖੋਂ ਇਕ ਨਵੀਂ ਪਹਿਚਾਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਹਰ ਵਰਗ ਨਾਲ ਖੜ੍ਹੀ ਹੈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਂਦਾ ਰਹੇਗਾ। ਇਸ ਮੌਕੇ ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਅਜਨਾਲਾ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸਾਬਕਾ ਕੌਂਸਲਰ ਰਾਜਬੀਰ ਕੌਰ ਚਾਹਲ, ਸਾਬਕਾ ਕੌਂਸਲਰ ਸੁਰਿੰਦਰ ਬੱਬੂ, ਸਾਬਕਾ ਕੌਂਸਲਰ ਨੰਬਰਦਾਰ ਇੰਦਰਪਾਲ ਸਿੰਘ ਆਈ.ਪੀ ਸ਼ਾਹ, ਐਡਵੋਕੇਟ ਸੰਦੀਪ ਕੌਸ਼ਲ, ਸ਼ਿਵਦੀਪ ਸਿੰਘ ਚਾਹਲ, ਸਾਬਕਾ ਕੌਂਸਲਰ ਗੁਰਦੇਵ ਸਿੰਘ ਗੁਲਾਬ, ਮਹਿਲਾ ਵਿੰਗ ਹਲਕਾ ਅਜਨਾਲਾ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ, ਵਪਾਰ ਮੰਡਲ ਚੇਅਰਮੈਨ ਰਮੇਸ਼ ਮਹਾਜਨ, ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ, ਸਾਹਿਲ ਮਹਾਜਨ, ਸੁਖਦਿਆਲ ਸਿੰਘ ਭੱਖਾ ਅਤੇ ਅਜੇ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।