ਜੰਡਿਆਲਾ ਗੁਰੂ, 13 ਜੁਲਾਈ (ਅੰਮ੍ਰਿਤਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ । ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਆਫ ਸਾਈਡ ਡਰੇਨ ਅਲੋਂਗ ਫਲਾਈਓਵਰ ਐਟ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ’ ਪ੍ਰੋਜੈਕਟ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐੱਨ.ਐੱਚ.ਏ.ਆਈ.) ਵਲੋਂ 5 ਮਾਰਚ 2026 ਨੂੰ 9.31 ਕਰੋੜ ਰੁਪਏ ਦੀ ਪ੍ਰਸ਼ਾਸਕੀ ਮਨਜ਼ੂਰੀ ਦਿੱਤੀ ਗਈ ਸੀ। ਇਸ ਪ੍ਰੋਜੈਕਟ ਤਹਿਤ ਨੈਸ਼ਨਲ ਹਾਈਵੇ ਦੇ ਨਾਲ-ਨਾਲ ਸਾਈਡ ਡਰੇਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨੂੰ ਛੇ ਮਹੀਨਿਆਂ ’ਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ । ਉਨ੍ਹਾਂ ਕਿਹਾ ਕਿ ਹਰ ਸਾਲ ਬਰਸਾਤਾਂ ਦੌਰਾਨ ਜੰਡਿਆਲਾ ਗੁਰੂ ਦੇ ਜੀ. ਟੀ. ਰੋਡ ਅਤੇ ਖਾਸ ਕਰਕੇ ਅੱਡਾ ਸਰਾਂ ਇਲਾਕੇ ਵਿਚ ਪਾਣੀ ਖੜ੍ਹਨ ਕਾਰਨ ਦੁਕਾਨਦਾਰਾਂ, ਰਾਹਗੀਰਾਂ ਅਤੇ ਸਥਾਨਕ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸਾਈਡ ਡਰੇਨ ਬਣਨ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਹੋਵੇਗੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਇਸ ਸਮੱਸਿਆ ਦਾ ਸਥਾਈ ਹੱਲ ਹੋਣ ਦੀ ਉਮੀਦ ਹੈ ।