ਜੰਡਿਆਲਾ ਗੁਰੂ, 18 ਜੁਲਾਈ (ਪ੍ਰਮਿੰਦਰ ਸਿੰਘ ਜੋਸਨ) -ਭਾਰਤ ਸਰਕਾਰ ਦੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਨਾਲ ਜਲੰਧਰ ਵਿਖੇ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਹਰਦੀਪ ਸਿੰਘ ਗਿੱਲ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਆਪਕ ਵਿਕਾਸ ਕਾਰਜਾਂ, ਸੁਸ਼ਾਸਨ, ਆਤਮਨਿਰਭਰ ਭਾਰਤ ਦੇ ਨਿਰਮਾਣ ਅਤੇ ਸਮਾਜ ਦੇ ਹਰ ਵਰਗ ਦੇ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਅੱਜ ਵਿਸ਼ਵ ਪੱਧਰ ‘ਤੇ ਇੱਕ ਮਜ਼ਬੂਤ, ਆਤਮ ਵਿਸ਼ਵਾਸੀ ਅਤੇ ਪ੍ਰਭਾਵਸ਼ਾਲੀ ਰਾਸ਼ਟਰ ਵਜੋਂ ਆਪਣੀ ਵੱਖਰੀ ਪਛਾਣ ਬਣਾ ਚੁੱਕਾ ਹੈ। ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਬੇਮਿਸਾਲ ਕਾਰਜਾਂ ਦਾ ਲਾਭ ਦੇਸ਼ ਦੇ ਕਰੋੜਾਂ ਨਾਗਰਿਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਨੇ ਖਾਸ ਤੌਰ ‘ਤੇ ਸਫਾਈ ਕਰਮਚਾਰੀਆਂ ਦੇ ਸਨਮਾਨ, ਸੁਰੱਖਿਆ ਅਤੇ ਸਮਾਜਿਕ ਉਥਾਨ ਲਈ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਸਮਾਜ ਦੀ ਆਖ਼ਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਦੇ ਭਲੇ ਨੂੰ ਪਹਿਲ ਦਿੱਤੀ ਹੈ ਤੇ ਉਨ੍ਹਾਂ ਦੀ ਅਗਵਾਈ ਹੇਠ ਸਮਾਜਿਕ ਨਿਆਂ, ਬਰਾਬਰ ਦੇ ਮੌਕੇ ਅਤੇ ਲੋਕ ਭਲਾਈ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲੀ ਹੈ । ਹਰਦੀਪ ਸਿੰਘ ਗਿੱਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਤੇ ਦੂਰਅੰਦੇਸ਼ੀ ਅਗਵਾਈ ਹੇਠ ਭਾਰਤ ਵਿਕਸਿਤ ਰਾਸ਼ਟਰ ਬਣਨ ਦੇ ਆਪਣੇ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧੇਗਾ ।