ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਮਾਝਾ ਖੇਤਰ ਵਿਚ ਬਣੇ ਤਾਜ਼ਾ ਹਾਲਾਤਾਂ ਦੇ ਮੱਦੇਨਜ਼ਰ ਭਿਆਨਕ ਹੜ੍ਹਾਂ ਦਾ ਕਾਰਨ ਬਣਦੇ ਉੱਜ ਦਰਿਆ ਦਾ ਜਾਇਜ਼ਾ ਲੈਣ ਲਈ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਨੂੰ ਨਾਲ ਲੈ ਕੇ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕਠੂਆ ਦੇ ਪਿੰਡ ਜਸਰੋਟਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਕੇਂਦਰ ਸਰਕਾਰ ਨੂੰ ਉੱਜ ਦਰਿਆ ‘ਤੇ ਡੈਮ ਬਣਾਉਣ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ । ਉਪਰੰਤ ਫੋਨ ਤੇ ‘ਅਜੀਤ’ ਪ੍ਰਤੀਨਿਧ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ, ਅਜਨਾਲਾ, ਗੁਰਦਾਸਪੁਰ ਸਮੇਤ ਪੂਰੇ ਮਾਝਾ ਖੇਤਰ ਵਿੱਚ ਹਰ ਸਾਲ ਹੜ੍ਹਾਂ ਦੀ ਮੁੱਖ ਵਜ੍ਹਾ ਉੱਜ ਦਰਿਆ ’ਤੇ ਡੈਮ ਦਾ ਨਾ ਹੋਣਾ ਹੈ। ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਸਰਕਾਰ ਪਿਛਲੇ ਕਰੀਬ 12 ਸਾਲਾਂ ਤੋਂ ਕੇਂਦਰ ਦੀ ਮੋਦੀ ਸਰਕਾਰ ਕੋਲ ਉੱਜ ਦਰਿਆ ‘ਤੇ ਡੈਮ ਬਣਾਉਣ ਦੀ ਮੰਗ ਕਰ ਰਹੀ ਹੈ, ਪਰ ਅਜੇ ਤੱਕ ਇਸ ਮੰਗ ਨੂੰ ਮਨਜ਼ੂਰੀ ਨਹੀਂ ਮਿਲੀ । ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉੱਜ ਦਰਿਆ ‘ਤੇ ਡੈਮ ਬਣਾਉਣ ਦੇ ਪ੍ਰੋਜੈਕਟ ਨੂੰ ਤੁਰੰਤ ਮਨਜ਼ੂਰੀ ਦੇ ਕੇ ਕੰਮ ਸ਼ੁਰੂ ਕੀਤਾ ਜਾਵੇ । ਇਸ ਮੌਕੇ ਐੱਸ.ਸੀ. ਮਹੇਸ਼ ਸਿੰਘ, ਐਕਸੀਅਨ ਜਗਪ੍ਰੀਤ ਸਿੰਘ ਅਤੇ ਐੱਸ.ਡੀ.ਓ. ਪੰਕਜ ਬੱਲੀ ਆਦਿ ਅਧਿਕਾਰੀ ਵੀ ਉਨਾਂ ਦੇ ਨਾਲ ਮੌਜੂਦ ਸਨ।