ਗੱਗੋਮਾਹਲ/ਅਜਨਾਲਾ 23 ਜੁਲਾਈ (ਸੰਧੂ, ਢਿੱਲੋਂ)- ਬੀਤੇ ਕੱਲ੍ਹ ਤੋਂ ਭਾਰੀ ਵਰਖਾ ਕਾਰਨ ਕਸਬਾ ਗੱਗੋਮਾਹਲ ਤੇ ਆਲੇ ਦੁਆਲੇ ਦੇ ਪਿੰਡਾਂ ਦੀਆਂ ਸੜਕਾਂ, ਫਸਲਾਂ ਤੇ ਰਿਹਾਇਸ਼ੀ ਇਲਾਕਿਆਂ ਵਿਚ ਪਾਣੀ ਭਰਨ ਨਾਲ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਜਾਂਦੀ ਮੁੱਖ ਸੜਕ ਸਮੇਤ ਸੰਪਰਕ ਸੜਕਾਂ ’ਤੇ ਪਾਣੀ ਭਰ ਚੁੱਕਾ ਹੈ । ਕਸਬਾ ਗੱਗੋਮਾਹਲ ਤੇ ਨੇੜਲੇ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਪਾਣੀ ਵਿਚ ਡੁੱਬ ਚੁੱਕੀ ਹੈ ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ । ਮੌਕੇ ’ਤੇ ਮੌਜੂਦ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਤੇ ਆਮ ਲੋਕਾਂ ਨੇ ਪ੍ਰਸ਼ਾਸਨ ’ਤੇ ਸਵਾਲ ਚੁਕਦਿਆਂ ਕਿਹਾ ਕਿ ਜੇਕਰ ਬਰਸਾਤ ਤੋਂ ਪਹਿਲਾਂ ਨਾਲਿਆਂ ਦੀ ਸਫਾਈ ਤੇ ਨਾਲਿਆਂ ਵਿਚ ਇਕੱਤਰ ਬੂਟੀ ਨੂੰ ਹਟਾਇਆ ਹੁੰਦਾ ਤਾਂ ਪਾਣੀ ਦੀ ਨਿਕਾਸੀ ਪ੍ਰਭਾਵਿਤ ਨਾ ਹੁੰਦੀ ਅਤੇ ਨਾ ਹੀ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਦਾ ਡਰ ਸਤਾਉਣ ਲਗਦਾ । ਕਿਸਾਨਾਂ ਨੇ ਦੋਸ਼ ਲਗਾਇਆ ਕਿ ਹਾਲਾਤ ਬਹੁਤ ਗੰਭੀਰ ਹਨ ਪ੍ਰੰਤੂ ਅਜੇ ਤੱਕ ਵੀ ਕੋਈ ਸੀਨੀਅਰ ਅਧਿਕਾਰੀ ਰਾਹਤ ਕਾਰਜਾਂ ਲਈ ਮੌਕੇ ‘ਤੇ ਪਹੁੰਚਿਆ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੇ ਸਿਵਲ ਪ੍ਰਸ਼ਾਸਨ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਸ਼ੁਰੂ ਕਰਦਿਆਂ ਪਾਣੀ ਦੀ ਨਿਕਾਸੀ ਲਈ ਲੋੜੀਂਦੀਆਂ ਮਸ਼ੀਨਾਂ ਤਾਇਨਾਤ ਕਰਨ ਤਾਂ ਜੋ ਕਿਸਾਨਾਂ ਨੂੰ ਵੱਡੀ ਰਾਹਤ ਮਿਲ ਸਕੇ ।
ਪਹਿਲੀ ਬਰਸਾਤ ਨਾਲ ਹੀ ਸਰਹੱਦੀ ਖੇਤਰ ’ਚ ਹੜ੍ਹ ਵਰਗੇ ਹਾਲਾਤ
ਅਜੀਤ ਡੈਸਕ
24-07-2026