ਜੰਡਿਆਲਾ ਗੁਰੂ, 26 ਜੁਲਾਈ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਕਾਰਜਾਂ ਦੇ ਆਧਾਰ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੀ ਸੇਵਾ ਜਾਰੀ ਰੱਖੇਗੀ। ਹਰਭਜਨ ਸਿੰਘ ਈ. ਟੀ. ਓ. ਅੱਜ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਕਾਸ, ਇਮਾਨਦਾਰ ਸ਼ਾਸਨ ਅਤੇ ਲੋਕ ਹਿੱਤ ਦੀਆਂ ਨੀਤੀਆਂ ਨੂੰ ਤਰਜੀਹ ਦਿੱਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਹਨ। ਸ. ਈ.ਟੀ.ਓ. ਨੇ ਕਿਹਾ ਕਿ ਸਿਹਤ ਕ੍ਰਾਂਤੀ ਤਹਿਤ ਸੂਬੇ ਭਰ ਵਿਚ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਗਈ ਹੈ, ਜਦਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਇਸ ਮੌਕੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ, ਚੇਅਰਮੈਨ ਬਲਾਕ ਸੰਮਤੀ ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ, ਮਨਜਿੰਦਰ ਸਿੰਘ ਭੀਰੀ ਅਤੇ ਹੋਰ ਆਗੂ ਹਾਜ਼ਰ ਸਨ ।
ਲੋਕ ਭਲਾਈ ਦੀਆਂ ਨੀਤੀਆਂ ਸਦਕਾ ਮੁੜ ‘ਆਪ’ ਸਰਕਾਰ ਬਣੇਗੀ : ਈ. ਟੀ. ਓ.
ਅਜੀਤ ਡੈਸਕ
27-07-2026