ਜੰਡਿਆਲਾ ਗੁਰੂ, 29 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪਹਿਲੀ ਅਗਸਤ ਨੂੰ ਮੁੜ ਯੋਗ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ। ਈ. ਟੀ. ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਲਗਾਤਾਰ ਕੰਮ ਕੀਤਾ ਹੈ ਅਤੇ ਸਰਕਾਰ ਦੀ ਕਥਨੀ ਅਤੇ ਕਰਨੀ ’ਚ ਕੋਈ ਅੰਤਰ ਨਹੀਂ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿਚ ਰੱਖ ਕੇ ਲੋਕ-ਹਿਤੈਸ਼ੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਸ. ਈ.ਟੀ.ਓ. ਨੇ ਪੰਜਾਬ ਸਰਕਾਰ ਵਲੋਂ 80 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬੰਡਾਲਾ ਵਿਖੇ ਬਣਨ ਵਾਲੇ ਭਾਈ ਮਰਦਾਨਾ ਜੀ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਸਮਾਜਿਕ ਅਤੇ ਭਾਈਚਾਰਕ ਸਮਾਗਮਾਂ ਲਈ ਸਹੂਲਤਾਂ ਉਪਲਬੱਧ ਹੋਣਗੀਆਂ। ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ, ਐਡਵੋਕੇਟ ਰਾਜ ਕੁਮਾਰ ਮਲਹੋਤਰਾ ਅਤੇ ਹੋਰ ਆਗੂ ਹਾਜ਼ਰ ਸਨ।