ਡੇਂਗੂ ਤੋਂ ਬਚਾਅ ਲਈ ਦਵਾਈਆਂ ਦਾ ਛਿੜਕਾਅ, ਫੋਗਿੰਗ ਟੀਮਾਂ ਕੀਤੀਆਂ ਰਵਾਨਾ : ਸਿਵਲ ਸਰਜ਼ਨ
ਅੰਮ੍ਰਿਤਸਰ, 21 ਅਗਸਤ (ਰੇਸ਼ਮ ਸਿੰਘ)- ਸਿਹਤ ਵਿਭਾਗ ਵਲੋਂ ਹਰ ਸ਼ੁਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਅੱਜ ਸ਼ਹਿਰ ਭਰ ਵਿਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਦਵਾ ਦਾ ਛਿੜਕਾਅ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟੀਮਾਂ ਰਵਾਨਾ ਕੀਤੀਆਂ ਗਈਆਂ। ਇਹ ਟੀਮਾਂ ਸ਼ਹਿਰ ਦੇ ਡੇਂਗੂ ਪ੍ਰਭਾਵਿਤ ਹੌਟਸਪਾਟ ਇਲਾਕਿਆਂ ਵਿਚ ਜਾ ਕੇ ਐਂਟੀ ਲਾਰਵਾ ਕਾਰਵਾਈ ਕਰਨ ਦੇ ਨਾਲ-ਨਾਲ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਵੀ ਚਲਾ ਰਹੀਆਂ ਹਨ।
ਅੰਮ੍ਰਿਤਸਰ, 21 ਅਗਸਤ (ਰੇਸ਼ਮ ਸਿੰਘ)- ਸਿਹਤ ਵਿਭਾਗ ਵਲੋਂ ਹਰ ਸ਼ੁਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਅੱਜ ਸ਼ਹਿਰ ਭਰ ਵਿਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਦਵਾ ਦਾ ਛਿੜਕਾਅ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟੀਮਾਂ ਰਵਾਨਾ ਕੀਤੀਆਂ ਗਈਆਂ। ਇਹ ਟੀਮਾਂ ਸ਼ਹਿਰ ਦੇ ਡੇਂਗੂ ਪ੍ਰਭਾਵਿਤ ਹੌਟਸਪਾਟ ਇਲਾਕਿਆਂ ਵਿਚ ਜਾ ਕੇ ਐਂਟੀ ਲਾਰਵਾ ਕਾਰਵਾਈ ਕਰਨ ਦੇ ਨਾਲ-ਨਾਲ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਵੀ ਚਲਾ ਰਹੀਆਂ ਹਨ। ਅੱਜ ਸਿਵਲ ਹਸਪਤਾਲ, ਸਰਕਾਰੀ ਪ੍ਰਾਈਵੇਟ ਨਰਸਿੰਗ ਕਾਲਜਾਂ ਦੇ ਨਾਲ ਨਾਲ ਰਾਮ ਬਾਗ, ਜਹਾਜਗੜ੍ਹ, ਪੁਤਲੀਘਰ, ਮਜੀਠਾ ਰੋਡ, ਰੋਡਵੇਜ਼ ਅਤੇ ਭਗਤਾਂਵਾਲਾ ਸਮੇਤ ਹੋਰ ਹੌਟਸਪਾਟ ਇਲਾਕਿਆਂ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਕਈ ਥਾਵਾਂ ’ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ ਪਰ ਜਿੱਥੇ ਪਾਣੀ ਖੜ੍ਹਾ ਰਹਿੰਦਾ ਹੈ ਉੱਥੇ ਮੱਛਰਾਂ ਦੀ ਪੈਦਾਵਾਰ ਵੀ ਤੇਜ਼ੀ ਨਾਲ ਹੁੰਦੀ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਛੱਤਾਂ ’ਤੇ ਪਏ ਨਿਕੰਮੇ ਸਾਮਾਨ ਅਤੇ ਹੋਰ ਬਰਤਨਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਣ। ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਹੈ। ਇਸ ਤੋਂ ਇਲਾਵਾ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਦੱਸਿਆ ਕਿ ਡੇਂਗੂ ਇਕ ਵਾਇਰਲ ਬਿਮਾਰੀ ਹੈ ਜੋ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਸ ਦੇ ਮੁੱਖ ਲੱਛਣਾਂ ਵਿਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਨੱਕ, ਮੂੰਹ ਜਾਂ ਮਸੂੜਿਆਂ ਵਿਚੋਂ ਖੂਨ ਆਉਣਾ ਸ਼ਾਮਿਲ ਹਨ। ਇਸ ਤੋਂ ਪਹਿਲਾਂ ਜ਼ਿਲ੍ਹਾ ਐੱਮ.ਈ.ਆਈ.ਓ. ਅਮਰਦੀਪ ਸਿੰਘ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਪੋਸਟਰ ਤੇ ਪੈਂਫਲਿਟ ਵੀ ਵੰਡੇ ਗਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਸਹਾਇਕ ਮਲੇਰੀਆ ਅਫ਼ਸਰ ਗੁਰਦੇਵ ਸਿੰਘ, ਬਲਜੀਤ ਸਿੰਘ, ਐੱਸ.ਆਈ. ਸੁਖਦੇਵ ਸਿੰਘ, ਪਰਮਜੀਤ ਸਿੰਘ, ਰਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਈ.ਸੀ. ਹਰਮੀਤ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਰਣਜੋਧ ਸਿੰਘ ਆਦਿ ਹਾਜ਼ਰ ਸਨ।