ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ
ਰੇਹੜੀ-ਫੜ੍ਹੀ ਵਾਲਿਆਂ ਦਾ ਸਾਮਾਨ ਕੀਤਾ ਜ਼ਬਤ
ਅੰਮ੍ਰਿਤਸਰ, 16 ਅਕਤੂਬਰ (ਹਰਮਿੰਦਰ ਸਿੰਘ)- ਨਗਰ ਨਿਗਮ ਵਲੋਂ ਪੁਤਲੀਘਰ ਚੌਕ ਤੋਂ ਖਾਲਸਾ ਕਾਲਜ ਵੱਲ ਜਾਣ ਵਾਲੀ ਸੜਕ ਦੇ ਖੱਬੇ ਪਾਸੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਸੜਕ ਦੇ ਵੱਡੇ ਹਿੱਸੇ ’ਤੇ ਰੇਹੜੀ-ਫੜ੍ਹੀ ਵਾਲਿਆਂ ਵਲੋਂ ਕਬਜ਼ੇ ਕੀਤੇ ਹੋਏ ਸਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਅੰਮ੍ਰਿਤਸਰ, 16 ਅਕਤੂਬਰ (ਹਰਮਿੰਦਰ ਸਿੰਘ)- ਨਗਰ ਨਿਗਮ ਵਲੋਂ ਪੁਤਲੀਘਰ ਚੌਕ ਤੋਂ ਖਾਲਸਾ ਕਾਲਜ ਵੱਲ ਜਾਣ ਵਾਲੀ ਸੜਕ ਦੇ ਖੱਬੇ ਪਾਸੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਸੜਕ ਦੇ ਵੱਡੇ ਹਿੱਸੇ ’ਤੇ ਰੇਹੜੀ-ਫੜ੍ਹੀ ਵਾਲਿਆਂ ਵਲੋਂ ਕਬਜ਼ੇ ਕੀਤੇ ਹੋਏ ਸਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅਸਟੇਟ ਵਿਭਾਗ ਦੀ ਟੀਮ ਨੇ ਕਾਰਵਾਈ ਕਰਦਿਆਂ ਨਾਜਾਇਜ਼ ਕਬਜ਼ੇ ਹਟਾਏ ਅਤੇ ਕਬਜ਼ਾਧਾਰੀਆਂ ਦਾ ਸਾਮਾਨ ਜ਼ਬਤ ਕੀਤਾ। ਸੜਕ ਦੇ ਕਿਨਾਰਿਆਂ ’ਤੇ ਕੀਤੇ ਗਏ ਇਨ੍ਹਾਂ ਕਬਜ਼ਿਆਂ ਕਾਰਨ ਆਵਾਜਾਈ ਵਿਚ ਭਾਰੀ ਵਿਘਨ ਪੈ ਰਿਹਾ ਸੀ ਅਤੇ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਵੀ ਕਾਫ਼ੀ ਮੁਸ਼ਕਿਲਾਂ ਆ ਰਹੀਆਂ ਸਨ। ਇਸ ਸੰਬੰਧੀ ਸ਼ਹਿਰ ਵਾਸੀਆਂ ਵਲੋਂ ਨਗਰ ਨਿਗਮ ਨੂੰ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਵਲੋਂ ਜਨਤਕ ਥਾਵਾਂ ਨੂੰ ਕਬਜ਼ਾ ਮੁਕਤ ਕਰਵਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਹ ਕਾਰਵਾਈ ਕੀਤੀ ਗਈ। ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਇਹ ਮੁਹਿੰਮ ਚਲਾਈ ਗਈ। ਇਸ ਦੌਰਾਨ ਅਸਟੇਟ ਵਿਭਾਗ ਦੀਆਂ ਇੰਸਪੈਕਟਰਾਂ ਪ੍ਰੀਤੀ ਚੌਹਾਨ ਅਤੇ ਅਮਨ ਕੁਮਾਰ ਸਮੇਤ ਟੀਮ ਦੇ ਹੋਰ ਮੈਂਬਰ ਵੀ ਮੌਜੂਦ ਸਨ। ਅਸਟੇਟ ਵਿਭਾਗ ਵਲੋਂ ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਕਬਜ਼ਾਧਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਉਹ ਭਵਿੱਖ ਵਿਚ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ੇ ਨਾ ਕਰਨ। ਵਿਭਾਗ ਨੇ ਸਪੱਸ਼ਟ ਕੀਤਾ ਕਿ ਜੇਕਰ ਮੁੜ ਕਬਜ਼ੇ ਕੀਤੇ ਗਏ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸਾਮਾਨ ਵੀ ਜ਼ਬਤ ਕੀਤਾ ਜਾ ਸਕਦਾ ਹੈ।