ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਾਰਿਸ਼ ਤੇ ਗੜੇਮਾਰੀ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ
23 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਜਾਵੇਗਾ ਰੋਸ ਧਰਨਾ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿਛਲੇ ਦਿਨੀਂ ਆਏ ਤੇਜ਼ ਝੱਖੜ, ਭਾਰੀ ਬਾਰਸ਼ਾਂ ਅਤੇ ਗੜੇ੍ਮਾਰੀ ਕਾਰਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਜਥੇਬੰਦੀ ਵਲੋਂ ਪ੍ਰਭਾਵਿਤ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਅਤੇ ਪੰਜਾਬ ਸਰਕਾਰ ਤੋਂ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿਛਲੇ ਦਿਨੀਂ ਆਏ ਤੇਜ਼ ਝੱਖੜ, ਭਾਰੀ ਬਾਰਸ਼ਾਂ ਅਤੇ ਗੜੇ੍ਮਾਰੀ ਕਾਰਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਜਥੇਬੰਦੀ ਵਲੋਂ ਪ੍ਰਭਾਵਿਤ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਅਤੇ ਪੰਜਾਬ ਸਰਕਾਰ ਤੋਂ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਜਥੇਬੰਦੀ ਨੇ ਐਲਾਨ ਕੀਤਾ ਕਿ 23 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਮੰਗ ਪੱਤਰ ਸੌਂਪਿਆ ਜਾਵੇਗਾ। ਜਥੇਬੰਦੀ ਅਨੁਸਾਰ ਪਿੰਡ ਮਰਾੜ੍ਹ, ਵੱਟੂ, ਸਰਾਏਨਾਗਾ, ਵੜਿੰਗ, ਸੱਕਾਂਵਾਲੀ ਸੰਗਰਾਣਾ, ਚੌਂਤਰਾ, ਭੁੱਟੀਵਾਲਾ, ਅਬਲਖੁਰਾਣਾ, ਰਥੜੀਆਂ, ਮਲੋਟ, ਦਬੜਾ, ਤਾਮਕੋਟ, ਭੰਗਚੜੀ, ਔਲਖ, ਧਿਗਾਣਾ, ਰੁਪਾਣਾ, ਚੱਕ ਦੂਹੇਵਾਲਾ, ਸੋਥਾ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਹਜ਼ਾਰਾਂ ਏਕੜ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਕਿਸਾਨਾਂ ਵਲੋਂ 70 ਤੋਂ 80 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਠੇਕੇ ’ਤੇ ਲਈਆਂ ਜ਼ਮੀਨਾਂ ਵਿਚ ਝੋਨੇ, ਬਾਸਮਤੀ, ਹਰੇ ਚਾਰੇ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਗੜ੍ਹੇਮਾਰੀ ਦੀ ਮਾਰ ਹੇਠ ਆਈਆਂ ਹਨ। ਕਈ ਥਾਵਾਂ ’ਤੇ ਨੁਕਸਾਨ 50 ਤੋਂ 100 ਫ਼ੀਸਦੀ ਤੱਕ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਘਰਾਂ, ਮਕਾਨਾਂ ਅਤੇ ਪਸ਼ੂਆਂ ਦੇ ਨੁਕਸਾਨ ਦੀ ਵੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੇ ਦੋਸ਼ ਲਾਇਆ ਕਿ ਅਜੇ ਤੱਕ ਕਿਸੇ ਵੀ ਸਬੰਧਿਤ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਪਿੰਡ ਧਿਗਾਣਾ ਅਤੇ ਦਬੜਾ ਵਿਚ ਰੋਸ ਰੈਲੀਆਂ ਕਰਨ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਨੇ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਇਸ ਮੌਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਭਰੇ ਮਨ ਨਾਲ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਇਲਾਕੇ ਦਾ ਦੌਰਾ ਕਰਨ ਮਗਰੋਂ ਸਿਰਫ਼ ਖ਼ਾਨਾਪੂਰਤੀ ਕਰਕੇ ਚਲੇ ਗਏ। ਪ੍ਰਭਾਵਿਤ ਪਰਿਵਾਰਾਂ ਨੇ ਮੰਗ ਕੀਤੀ ਕਿ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਕਣਕ ਅਤੇ ਹੋਰ ਫ਼ਸਲਾਂ ਦੀ ਬਿਜਾਈ ਕਰ ਸਕਣ ਅਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਸਕਣ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ 23 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਸਰਕਾਰ ਤੱਕ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਆਵਾਜ਼ ਪਹੁੰਚਾਈ ਜਾਵੇਗੀ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਮਾ. ਗੁਰਚਰਨ ਸਿੰਘ ਗੰਧੜ, ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਮੀਤ ਪ੍ਰਧਾਨ ਜੋਗਿੰਦਰ ਸਿੰਘ, ਮਿੱਠੂ ਸਿੰਘ ਪ੍ਰੇਮੀ ਬੁੱਟਰ ਸਰੀਂਹ, ਅੰਗਰੇਜ਼ ਸਿੰਘ ਫ਼ੌਜੀ, ਬਿੱਟੂ ਮੱਲਣ, ਜਗਰਾਜ ਸਿੰਘ ਸੁਖਣਾ, ਰਣਜੀਤ ਸਿੰਘ ਬੁੱਟਰ, ਕੁੰਦਨ ਸਿੰਘ ਖ਼ਾਲਸਾ ਦੋਦਾ, ਮੱਘਰ ਸਿੰਘ, ਬਲਜੀਤ ਸਿੰਘ ਕੋਟਲੀ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਕਾ ਸਿੰਘ ਖੁੰਡੇ ਹਲਾਲ, ਜਸਵਿੰਦਰ ਕੌਰ ਦਬੜਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਖੇਤ ਮਜ਼ਦੂਰ ਹਾਜ਼ਰ ਸਨ।