ਐਚ.ਐਸ. ਹਾਈ ਸਕੂਲ ਵਿਖੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਐਚ. ਐਸ.
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਐਚ.ਐਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਪ੍ਰਤੀ ਸਹੀ ਦਿਸ਼ਾ ਪ੍ਰਦਾਨ ਕਰਨਾ ਤੇ ਉਚ ਸਿੱਖਿਆ ਲਈ ਉਪਲਬਧ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਕਰੀਅਰ ਕਾਊਂਸਲਰ ਸੁਰਭੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਰੀਅਰ ਦੀ ਚੋਣ ਸੰਬੰਧੀ ਮਹੱਤਵਪੂਰਨ ਜਾਣਕਾਰੀ ਤੇ ਮਾਰਗ ਦਰਸ਼ਨ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਤੇ ਸਮਰੱਥਾ ਅਨੁਸਾਰ ਸਹੀ ਵਿਸ਼ੇ ਤੇ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਉਚ ਸਿੱਖਿਆ, ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਵੱਖ-ਵੱਖ ਪੇਸ਼ੇਵਰ ਖੇਤਰਾਂ ਵਿਚ ਉਪਲਬਧ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਤ ਕਰਨ, ਸਮੇਂ ਦੀ ਸਹੀ ਵਰਤੋਂ ਕਰਨ ਤੇ ਮਿਹਨਤ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰਿੰਸੀਪਲ ਵਿਪਨ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਸਹੀ ਮਾਰਗ ਦਰਸ਼ਨ, ਆਤਮ-ਵਿਸ਼ਵਾਸ ਤੇ ਨਿਰੰਤਰ ਮਿਹਨਤ ਬਹੁਤ ਜ਼ਰੂਰੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਰੁਚੀਆਂ ਤੇ ਯੋਗਤਾਵਾਂ ਨੂੰ ਪਛਾਣ ਕੇ ਸਪੱਸ਼ਟ ਟੀਚੇ ਨਿਰਧਾਰਤ ਕਰਨ ਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਨਾਲ ਯਤਨ ਕਰਨ ਦੀ ਪ੍ਰੇਰਣਾ ਦਿੱਤੀ। ਇਸ ਸੈਸ਼ਨ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਯੋਜਨਾਬੰਦੀ ਕਰਨ ਤੇ ਸਹੀ ਕੈਰੀਅਰ ਚੁਣਨ ਲਈ ਮਹੱਤਵਪੂਰਨ ਮਾਰਗ ਦਰਸ਼ਨ ਪ੍ਰਾਪਤ ਹੋਇਆ।