ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਹਰਮਹਿੰਦਰ ਪਾਲ)-ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਵੀ ਬੇਹੱਦ ਜ਼ਰੂਰੀ ਹੈ। ਖੇਡਾਂ ਜਿੱਥੇ ਬੱਚਿਆਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਕਰਨ ਦੀ ਲਗਨ ਵੀ ਪੈਦਾ ਕਰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਪੁਸ਼ਪਿੰਦਰ ਸਿੰਘ ਭੰਡਾਰੀ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਪੁਸ਼ਪਿੰਦਰ ਸਿੰਘ ਭੰਡਾਰੀ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਦੇ ਜੀਵਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡ ਮੈਦਾਨ ਵਿਚ ਖਿਡਾਰੀ ਜਿੱਤ ਤੇ ਹਾਰ ਨੂੰ ਸਵੀਕਾਰ ਕਰਨਾ, ਮੁਸ਼ਕਿਲਾਂ ਦਾ ਸਾਹਮਣਾ ਕਰਨਾ ਅਤੇ ਆਪਣੇ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਮਿਹਨਤ ਕਰਨਾ ਸਿੱਖਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ, ਤਾਂ ਜੋ ਉਹ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣ ਸਕਣ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਮਿਹਨਤ ਹੀ ਉਨ੍ਹਾਂ ਨੂੰ ਭਵਿੱਖ ਵਿਚ ਕਾਮਯਾਬੀ ਦੀਆਂ ਬੁਲੰਦੀਆਂ ਤੱਕ ਪਹੁੰਚਾਉਂਦੀ ਹੈ। ਅਜਿਹੇ ਖੇਡ ਮੁਕਾਬਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਵਿਚ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਲਗਨ ਨਾਲ ਖੇਡਣ ਅਤੇ ਆਪਣੇ ਮਾਪਿਆਂ, ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਸਮਾਗਮ ਦੌਰਾਨ ਖੇਡਾਂ ਨਾਲ ਜੁੜੇ ਅਧਿਕਾਰੀਆਂ ਤੇ ਪਤਵੰਤੇ ਸੱਜਣਾਂ ਦੀ ਮੌਜੂਦਗੀ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਸੈਨੇਟ ਮੈਂਬਰ ਕਪਿਲ ਸ਼ਰਮਾ, ਸਾਬਕਾ ਐਮ.ਸੀ. ਜਗਜੀਤ ਸਿੰਘ ਜੱਗੀ, ਸਕੂਲ ਦੇ ਪ੍ਰਿੰਸੀਪਲ ਅਸ਼ਵਨੀ ਬਾਂਸਲ, ਚਰਨਜੀਤ ਸਿੰਘ ਫ਼ੱਤਣਵਾਲਾ, ਸੁਖਦੇਵ ਸਿੰਘ, ਜਗਦੀਪ ਸਿੰਘ ਬੀ.ਪੀ.ਈ.ਓ., ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਭਲਾਈਆਣਾ, ਆਸ਼ੂ ਕੁਮਾਰ, ਹਰਮੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।