ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੋ ਮੈਡੀਕਲ ਸਟੋਰਾਂ ਦੀ ਚੈਕਿੰਗ
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਰੋਕਥਾਮ ਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਅਤੇ ਸਿਵਲ ਸਰਜਨ ਫ਼ਰੀਦਕੋਟ ਡਾ.
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਰੋਕਥਾਮ ਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਅਤੇ ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਘ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਰੱਗਜ਼ ਇੰਸਪੈਕਟਰ ਹਰਜਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਫ਼ਰੀਦਕੋਟ ਦੇ ਦੋ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਫ਼ਿਰੋਜ਼ਪੁਰ ਰੋਡ ਸਥਿਤ ਮੱਧੂ ਨਰਸਿੰਗ ਹੋਮ ਦੇ ਨੇੜੇ, ਪੁਰੀ ਕਾਲੋਨੀ ਦੀ ਗਲੀ ਨੰਬਰ 1 ਵਿਚ ਸਥਿਤ ਜੇ.ਐਸ. ਮੈਡੀਕੇਅਰ ਅਤੇ ਬਲਬੀਰ ਬਸਤੀ ਦੀ ਗਲੀ ਨੰਬਰ 9 ਵਿਚ ਸਥਿਤ ਸੰਧੂ ਮੈਡੀਕਲ ਸਟੋਰ ਦੀ ਚੈਕਿੰਗ ਕੀਤੀ ਗਈ। ਜਾਂਚ ਦੌਰਾਨ ਦੋਵਾਂ ਮੈਡੀਕਲ ਸਟੋਰਾਂ ਤੋਂ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਜਾਂ ਹੋਰ ਕੋਈ ਇਤਰਾਜ਼ਯੋਗ ਦਵਾਈ ਬਰਾਮਦ ਨਹੀਂ ਹੋਈ। ਹਾਲਾਂਕਿ ਸੰਧੂ ਮੈਡੀਕਲ ਸਟੋਰ ਦੀ ਜਾਂਚ ਦੌਰਾਨ ਕੁਝ ਦਵਾਈਆਂ ਦੀ ਖ਼ਰੀਦ ਅਤੇ ਵਿਕਰੀ ਸਬੰਧੀ ਰਿਕਾਰਡ ਵਿਚ ਖਾਮੀਆਂ ਸਾਹਮਣੇ ਆਈਆਂ। ਇਸ ਸਬੰਧੀ ਡਰੱਗਜ਼ ਅਤੇ ਕਾਸਮੈਟਿਕਸ ਐਕਟ, 1940 ਅਤੇ ਨਿਯਮਾਂ, 1945 ਤਹਿਤ ਲੋੜੀਂਦੀ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਤੀ ਤੌਰ ’ਤੇ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਦੋਵਾਂ ਮੈਡੀਕਲ ਸਟੋਰਾਂ ਦੇ ਸੰਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਦਵਾਈਆਂ ਦੀ ਖ਼ਰੀਦ ਅਤੇ ਵਿਕਰੀ ਸਬੰਧੀ ਰਿਕਾਰਡ ਨਿਯਮਾਂ ਅਨੁਸਾਰ ਸਹੀ ਢੰਗ ਨਾਲ ਰੱਖਣ ਅਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਵਿਕਰੀ ਸਬੰਧੀ ਲਾਗੂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਨੂੰ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਦਵਾਈਆਂ ਦੀ ਵਿਕਰੀ ਵਿਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।