ਪਟਿਆਲਾ, 1 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਨਵੇਂ ਵਰ੍ਹੇ ਦੀ ਆਮਦ ਨੂੰ ਦੇਖਦਿਆਂ ਵੱਡੀ ਗਿਣਤੀ 'ਚ ਲੋਕਾਂ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਉੱਪਰ ਜਾ ਕੇ ਮੱਥਾ ਟੇਕਿਆ ਗਿਆ ਤੇ ਨਵੇਂ ਸਾਲ 'ਚ ਚੰਗੇ ਕਰਮ ਕਰਨ ਦੀ ਅਰਦਾਸ ਕੀਤੀ | ਇਸੇ ਕੜੀ 'ਚ ਸੰਗਤਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਮੱਥਾ ਟੇਕਣ ਪਹੁੰਚੀਆਂ ਅਤੇ ਗੁਰੂ ਦਰਬਾਰ 'ਚ ਸੰਗਤਾਂ ਨੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਇਤਿਹਾਸ ਸਰਵਣ ਕੀਤਾ | ਪੋ੍ਰ. ਕਿਰਪਾਲ ਸਿੰਘ ਬਡੂੰਗਰ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੱਤੀ ਅਤੇ ਪ੍ਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਜਥੇਦਾਰ ਗੜ੍ਹੀ ਨੇ ਨਵੇਂ ਵਰ੍ਹੇ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰਮਤਿ ਦਾ ਫਲਸਾਫ ਸਾਰਿਆਂ ਨੂੰ ਭਾਣੇ 'ਚ ਰਹਿਣ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ | ਇਸ ਵਰ੍ਹੇ ਮੌਕੇ ਸਾਰਿਆਂ ਨੂੰ ਸਰਬੱਤ ਦੇ ਭਲੇ ਦੀ ਕਾਰਜਾਂ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਵੀ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਮੁਬਾਰਕ ਦਿੱਤੀ ਅਤੇ ਕਿਹਾ ਕਿ ਨਵਾਂ ਸਾਲ ਹੋਣ ਕਰਕੇ ਸੰਗਤਾਂ ਵੱਡੀ ਗਿਣਤੀ 'ਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ, ਜਿਨ੍ਹਾਂ ਦੀ ਆਮਦ ਨੂੰ ਲੈ ਕੇ ਪੁਖ਼ਤਾ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |