ਸਮਾਣਾ, 3 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸੀ.ਆਈ.ਏ. ਸਟਾਫ਼ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 31 ਬੋਤਲਾਂ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਬੇਅੰਤ ਸਿੰਘ ਵਾਸੀ ਪਿੰਡ ਮਰੋੜੀ ਵਜੋਂ ਹੋਈ ਹੈ | ਸੀ.ਆਈ.ਏ. ਸਟਾਫ਼ ਸਮਾਣਾ ਦੇ ਇੰਚਾਰਜ ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਕਰਨੈਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਧਨੇਠਾ ਵਿਖੇ ਮੌਜੂਦ ਸਨ | ਗੁਪਤ ਸੂਚਨਾ ਦੇ ਆਧਾਰ 'ਤੇ ਟੀ-ਪੁਆਇੰਟ ਸੋਂਧੇਵਾਲ ਨੇੜੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਅਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ 31 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ | ਅਧਿਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ | ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਉਸ ਨੂੰ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ ਹੈ |