10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੱਤਰਕਾਰਾਂ 'ਤੇ ਪਰਚੇ ਦਰਜ ਕਰਨਾ ਲੋਕਤੰਤਰ ਦਾ ਕਤਲ, ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਧੱਕੇਸ਼ਾਹੀ-ਰਜਿੰਦਰ ਸਿੰਘ ਵਿਰਕ

Ad Position 21
No active advertisement
ਅਜੀਤ ਡੈਸਕ 04-01-2026
ਦੇਵੀਗੜ੍ਹ 3 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਕੁਝ ਦਿਨਾਂ ਤੋਂ ਪੱਤਰਕਾਰਾਂ ਵਿਰੁੱਧ ਦਰਜ ਕੀਤੇ ਜਾ ਰਹੇ ਪੁਲਿਸ ਕੇਸਾਂ 'ਤੇ ਡੂੰਘੀ ਚਿੰਤਾ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਇਸ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਕਰਕੇ ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਢਾਹ ਲਾ ਰਹੀ ਹੈ | ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਵੀ ਕੋਈ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ 'ਚ ਅਸਫਲ ਰਹਿੰਦੀ ਹੈ, ਤਾਂ ਉਹ ਸੱਚ ਬੋਲਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦਾ ਰਾਹ ਚੁਣਦੀ ਹੈ | ਉਨ੍ਹਾਂ ਕਿਹਾ, ਪੰਜਾਬ 'ਚ ਅੱਜ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ ਅਤੇ ਜਦੋਂ ਪੱਤਰਕਾਰ ਇਨ੍ਹਾਂ ਮੁੱਦਿਆਂ 'ਤੇ ਸਵਾਲ ਉਠਾਉਂਦੇ ਹਨ ਜਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਦੇ ਸਾਹਮਣੇ ਰੱਖਦੇ ਹਨ, ਤਾਂ ਉਨ੍ਹਾਂ ਨੂੰ ਜੇਲ੍ਹਾਂ 'ਚ ਡੱਕਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਲਮ ਦੀ ਤਾਕਤ ਨੂੰ ਕਦੇ ਵੀ ਤਾਨਾਸ਼ਾਹੀ ਨਾਲ ਨਹੀਂ ਦਬਾਇਆ ਜਾ ਸਕਿਆ | ਉਨ੍ਹਾਂ ਕਿਹਾ ਕਿ ਪੱਤਰਕਾਰ ਸਮਾਜ ਦਾ ਦਰਪਣ ਹੁੰਦੇ ਹਨ ਜੋ ਸ਼ਾਸਨ ਦੀਆਂ ਖ਼ਾਮੀਆਂ ਦਿਖਾਉਂਦੇ ਹਨ ਤਾਂ ਜੋ ਸੁਧਾਰ ਹੋ ਸਕੇ | ਪਰ ਮੌਜੂਦਾ ਸਰਕਾਰ ਆਪਣੀ ਆਲੋਚਨਾ ਬਰਦਾਸ਼ਤ ਨਹੀਂ ਕਰ ਪਾ ਰਹੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੱਕ ਅਤੇ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦੇ ਨਾਲ ਖੜ੍ਹਾ ਹੈ ਅਤੇ ਪੱਤਰਕਾਰ ਭਾਈਚਾਰੇ ਨਾਲ ਹੋ ਰਹੀ ਕਿਸੇ ਵੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੱਤਰਕਾਰਾਂ 'ਤੇ ਦਰਜ ਕੀਤੇ ਗਏ ਨਾਜਾਇਜ਼ ਪਰਚੇ ਤੁਰੰਤ ਰੱਦ ਕੀਤੇ ਜਾਣ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਨਾ ਕੀਤਾ ਗਿਆ, ਤਾਂ ਲੋਕ ਕਚਹਿਰੀ 'ਚ ਸਰਕਾਰ ਨੂੰ ਇਸ ਦਾ ਸਖ਼ਤ ਜਵਾਬ ਦੇਣਾ ਪਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਮੁੱਦੇ ਨੂੰ ਲੈ ਕੇ ਲੋਕਾਂ 'ਚ ਜਾਗਰੂਕਤਾ ਪੈਦਾ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਇਕਸੁਰ 'ਚ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦਾ ਵਿਰੋਧ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਕਰਾਲਾ ਭਾਈਕਾ ਵਿਖੇ ਤਿੰਨ ਦਿਨਾ ਕੀਰਤਨ ਸਮਾਗਮ ਸਮਾਪਤ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜਿੱਤ ਦੀ ਖ਼ੁਸ਼ੀ 'ਚ ਸ਼ੁਕਰਾਨਾ ਸਮਾਗਮ ਕਰਵਾਇਆ
Ad Position 24