ਪਾਤੜਾਂ 3 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿੱਚ ਸਿੱਖੀ ਦੇ ਪ੍ਰਚਾਰ ਦੇ ਮੁੱਖ ਕੇਂਦਰ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਹੋਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਸ ਦੇ ਸੰਬੰਧ 'ਚ ਇਕ ਮਹੀਨੇ ਤੋਂ ਸੰਗਤਾਂ ਵਲੋਂ ਪ੍ਰਭਾਤਫੇਰੀ ਕੱਢ ਕੇ ਜਿੱਥੇ ਗੁਰਬਾਣੀ ਦਾ ਕੀਰਤਨ ਕੀਤਾ ਜਾ ਰਿਹਾ ਹੈ ਉੱਥੇ ਹੀ ਇਨ੍ਹਾਂ ਸਮਾਗਮਾਂ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ | ਨਵੇਂ ਬਣਾਏ ਗਏ ਦਰਬਾਰ ਹਾਲ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ 4 ਜਨਵਰੀ ਨੂੰ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | 5 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਤੋਂ ਉਪਰੰਤ ਸਜਾਏ ਜਾਣ ਵਾਲੇ ਦੀਵਾਨਾਂ 'ਚ ਗੁਰੂ ਘਰ ਦੇ ਰਾਗੀ ਜਥਿਆਂ ਅਤੇ ਬਾਹਰੋਂ ਆਏ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪ੍ਰਚਾਰਕ ਭਾਈ ਹਰਦੀਪ ਸਿੰਘ ਅਤੇ ਭਾਈ ਅਜਮੇਰ ਸਿੰਘ ਵਲੋਂ ਕਥਾ ਰਾਹੀ ਅਤੇ ਬਲਦੇਵ ਸਿੰਘ ਲੌਂਗੋਵਾਲ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀ ਸ੍ਰੀ ਗੁਰੂ ਗੋਬਿੰਦ ਜੀ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਗਾਇਨ ਕੀਤਾ ਜਾਵੇਗਾ | 6 ਜਨਵਰੀ ਨੂੰ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੁਖਜੀਤ ਸਿੰਘ ਹੈਪੀ ਕਾਲੇਕਾ ਚੇਅਰਮੈਨ, ਗੁਰਬਚਨ ਸਿੰਘ ਮਾਨ, ਸੁਖਦੇਵ ਸਿੰਘ ਫ਼ੌਜੀ, ਮਹਿੰਦਰ ਸਿੰਘ, ਜੋਗਿੰਦਰ ਸਿੰਘ ਭੁੱਲਰ, ਗੁਰਪਿੰਦਰ ਸਿੰਘ ਕਾਲੇਕਾ, ਰਾਮ ਸਿੰਘ, ਬਖ਼ਸ਼ੀਸ਼ ਸਿੰਘ ਭੁੱਲਰ, ਲਾਭ ਸਿੰਘ, ਮੈਨੇਜਰ ਗੁਰਵਿੰਦਰ ਸਿੰਘ, ਗੁਰਦੇਵ ਸਿੰਘ ਮੁੱਖ ਗ੍ਰੰਥੀ, ਬਲਵਿੰਦਰ ਸਿੰਘ ਭੁੱਲਰ, ਭੁਪਿੰਦਰ ਸਿੰਘ ਭਿੰਦਾਂਮ ਬਾਵਾ ਪਾਤੜਾਂ ਅਤੇ ਬਾਜ ਸਿੰਘ ਪਾਤੜਾਂ ਆਦਿ ਮੌਜੂਦ ਸਨ |