ਰਾਜਪੁਰਾ, 4 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਇਕ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਪੁਲਿਸ ਪਾਰਟੀ ਨਾਲ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਜਦੋਂ ਉਹ ਸਰਹਿੰਦ ਬਾਈਪਾਸ 'ਤੇ ਮਹਿਫ਼ਲ ਰਿਸੋਰਟ ਨੇੜੇ ਪੁੱਜੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ ਇਕ ਕਿੱਲੋ ਅਫ਼ੀਮ ਬਰਾਮਦ ਹੋਈ | ਮੁੱਢਲੀ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਰਵੇਂਦਰ ਸਿੰਘ ਵਾਸੀ ਪਿੰਡ ਬਰਾਏ ਬਸਾਕ ਸਮਸਾਬਾਦ ਜ਼ਿਲ੍ਹਾ ਵਾਰਖ਼ਾਬਾਦ ਉੱਤਰ ਪ੍ਰਦੇਸ਼ ਵਜੋਂ ਦੱਸੀ | ਪੁਲਿਸ ਨੇ ਰਵੇਂਦਰ ਸਿੰਘ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |