ਪਟਿਆਲਾ, 5 ਜਨਵਰੀ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗੀਨ ਦੋਸ਼ਾਂ ਦੇ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦੇ ਕੇ ਹਿੰਦੁਸਤਾਨ ਦੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ | ਉਨ੍ਹਾਂ ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕੋ ਦੇਸ਼ ਵਿਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਡੇਰਾ ਸਿਰਸਾ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਤੱਕ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਵਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘ ਜਿਨ੍ਹਾਂ ਵਲੋਂ ਆਪਣੀ ਸਜ਼ਾ ਪੂਰੀ ਕੀਤੇ ਜਾਣ ਦੇ ਬਾਵਜੂਦ ਵੀ ਜੇਲ੍ਹਾਂ ਵਿਚ ਬੰਦ ਹੋਇਆਂ ਨੂੰ ਲੰਮਾ ਸਮਾਂ ਹੋ ਗਿਆ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਤੇ ਅਜਿਹਾ ਕਰਕੇ ਸਰਕਾਰਾਂ ਅਤੇ ਅਦਾਲਤਾਂ ਵਲੋਂ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਤੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ 2017 ਤੋਂ ਲੈ ਕੇ ਹੁਣ ਤੱਕ ਇਕ ਦਰਜਨ ਦੇ ਕਰੀਬ ਵਾਰ ਪੈਰੋਲ ਤੇ ਫਰਲੋ ਉੱਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ | ਪ੍ਰੋ. ਬਡੰੂਗਰ ਨੇ ਕਿਹਾ ਕਿ ਸੰਗੀਨ ਦੋਸ਼ਾਂ ਵਿਚ ਘਿਰੇ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ ਵਾਰ ਪੈਰੋਲ ਜਾਂ ਫਰਲੋ ਦੇਣ ਦੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਨਯੋਗ ਹਾਈਕੋਰਟ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ ਨੂੰ ਮਾਨਯੋਗ ਹਾਈਕੋਰਟ ਵਲੋਂ ਰੱਦ ਕਰ ਦਿੱਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਸੂਬਾ ਸਰਕਾਰਾਂ ਆਪਣੇ ਪੱਧਰ 'ਤੇ ਅਜਿਹੇ ਫ਼ੈਸਲੇ ਲੈਣ ਦੇ ਜ਼ਿਆਦਾ ਸਮਰੱਥ ਹਨ |