ਬਹਾਦਰਗੜ੍ਹ, 24 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚੱਲ ਰਹੇ ਕੋਰਸ 'ਬੈਚੁਲਰ ਆਫ ਮੈਨੇਜਮੈਂਟ (ਗੁਰਦੁਆਰਾ ਮੈਨੇਜਮੈਂਟ)' ਬੈਚ 2022-2025 'ਚ ਪਾਸ ਆਊਟ ਹੋ ਚੁੱਕੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸੰਸਥਾ ਵਿਚ ਸੇਵਾਵਾਂ ਨਿਭਾਉਣ ਲਈ ਨਿਯੁਕਤੀ ਪੱਤਰ ਦਿੱਤੇ ਗਏ | ਇੰਸਟੀਚਿਊਟ ਵਿਖੇ ਕੋਰਸ ਦੌਰਾਨ ਵਿਦਿਆਰਥੀਆਂ ਨੇ ਗੁਰਮਤਿ ਸਿੱਖਿਆ ਦੇ ਨਾਲ-ਨਾਲ ਗੁਰਦੁਆਰਾ ਪ੍ਰਬੰਧ ਨੂੰ ਆਧੁਨਿਕ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧਕੀ ਸਿੱਖਿਆ ਪ੍ਰਾਪਤ ਕੀਤੀ | ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵ-ਨਿਯੁਕਤ ਵਿਦਿਆਰਥੀਆਂ ਨੂੰ ਸੰਸਥਾ 'ਚ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੱਤੀ ਗਈ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਦੇਸ਼ ਦੇ ਗੁਰੂ ਘਰਾਂ ਵਿਚ ਅਜਿਹੇ ਪੜ੍ਹੇ-ਲਿਖੇ ਨੌਜਵਾਨਾਂ ਦੀ ਸਖ਼ਤ ਜ਼ਰੂਰਤ ਹੈ, ਜਿਸ ਨੂੰ ਮੁੱਖ ਰੱਖ ਕੇ ਇੰਸਟੀਚਿਊਟ ਵਿਖੇ ਇਹ ਕੋਰਸ ਸ਼ੁਰੂ ਕੀਤੇ ਗਏ ਸਨ | ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਓ.ਐੱਸ.ਡੀ. ਸਤਬੀਰ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਇਹਨਾਂ ਵਿਦਿਆਰਥੀਆਂ ਨੂੰ ਸੰਸਥਾ ਵਿਚ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ | ਇਸ ਮੌਕੇ ਅੰਤਿ੍ਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਤੇ ਇੰਸਟੀਚਿਊਟ ਦੇ ਪਿ੍ੰਸੀਪਲ ਸੁਖਦੇਵ ਸਿੰਘ ਨੇ ਸੰਸਥਾ ਵਿਚ ਨੌਕਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਨਵਤੇਜ ਸਿੰਘ ਕਾਉਣੀ, ਤਜਿੰਦਰ ਪਾਲ ਸਿੰਘ ਸੰਧੂ, ਅਮਰੀਕ ਸਿੰਘ ਜਨੇਤਪੁਰ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ, ਮੇਨੈਜਰ ਮਨਜੀਤ ਸਿੰਘ ਕੌਲੀ, ਮੇਨੈਜਰ ਰਜਿੰਦਰ ਸਿੰਘ ਟੌਹੜਾ ਅਤੇ ਇੰਸਟੀਚਿਊਟ ਦੇ ਇੰਚਾਰਜ ਸੰਦੀਪ ਸਿੰਘ, ਸੁਪਰਵਾਈਜ਼ਰ ਸੁਰਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਰਿਕਾਰਡ ਕੀਪਰ ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ ਆਦਿ ਮੌਜੂਦ ਸਨ |