ਭੁੱਨਰਹੇੜੀ, 31 ਜਨਵਰੀ (ਧਨਵੰਤ ਸਿੰਘ)-ਗਣਤੰਤਰ ਦਿਹਾੜੇ ਦੇ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਕੱਢੇ ਗਏ ਟਰੈਕਟਰ ਮਾਰਚ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਸਾਦੀਪੁਰ ਵਲੋਂ ਆਪਣੇ ਮੁੱਖ ਦਫਤਰ ਭੁੱਨਰਹੇੜੀ 'ਚ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਕਿਸਾਨ ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਗਾਤਾਰ ਕਿਸਾਨ ਵਿਰੋਧੀ ਨਵੇਂ ਕਾਨੂੰਨ ਧੱਕੇ ਨਾਲ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਤੋਂ ਬਾਅਦ ਹੁਣ ਬਿਜਲੀ ਸੋਧ ਬਿਲ ਵਰਗੇ ਹੋਰ ਨਾਦਰਸ਼ਾਹੀ ਫ਼ਰਮਾਨ ਲਿਆ ਕੇ ਕਿਸਾਨਾਂ ਦੀ ਕਮਰ ਤੋੜਣ ਦੀ ਤਿਆਰੀ ਕੀਤੀ ਜਾ ਰਹੀ ਹੈ | ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਹ ਨੀਤੀਆਂ ਵੱਡੀਆਂ ਕਾਰਪੋਰੇਟ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਬਣਾਈਆਂ ਜਾ ਰਹੀਆਂ ਹਨ, ਜਦਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੇ ਕਿਸਾਨਾਂ ਨੂੰ ਇਕਜੁਟ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਲੋਕਤੰਤਰਿਕ ਢੰਗ ਨਾਲ ਸੰਘਰਸ਼ ਨੂੰ ਅੱਗੇ ਵਧਾਉਣ ਲਈ ਲਗਾਤਾਰ ਲਾਮਬੰਦ ਕਰ ਰਿਹਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਗਣਤੰਤਰ ਦਿਹਾੜੇ ਮੌਕੇ ਕੱਢਿਆ ਜਾ ਰਿਹਾ ਟਰੈਕਟਰ ਮਾਰਚ ਕਿਸੇ ਰਾਜਨੀਤਿਕ ਪਾਰਟੀ ਦੇ ਖਿਲਾਫ ਨਹੀਂ, ਸਗੋਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਮਾੜੀਆਂ ਨੀਤੀਆਂ ਦੇ ਵਿਰੋਧ ਵਿੱਚ ਲੋਕਾਂ ਦੀ ਆਵਾਜ਼ ਬਣਨ ਲਈ ਹੈ | ਟਰੈਕਟਰ ਮਾਰਚ ਦਾ ਮੁੱਖ ਉਦੇਸ਼ ਦੇਸ਼ ਵਾਸੀਆਂ ਤੱਕ ਇਹ ਸੰਦੇਸ਼ ਪਹੁੰਚਾਉਣਾ ਹੈ |