ਭੁੱਨਰਹੇੜੀ, 31 ਜਨਵਰੀ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਮਨਿੰਦਰ ਸਿੰਘ ਫਰਾਂਸਵਾਲਾ ਨੂੰ ਬੀ.ਸੀ. ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਮਨਿੰਦਰ ਸਿੰਘ ਫਰਾਂਸਵਾਲਾ ਨੇ ਪਾਰਟੀ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕੀਤਾ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਮਨਿੰਦਰ ਸਿੰਘ ਫਰਾਂਸਵਾਲਾ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਫਰਾਂਸਵਾਲਾ ਨੇ ਭਰੋਸਾ ਦਿੰਦਿਆਂ ਕਿਹਾ ਕਿ ਉਹ ਹਲਕਾ ਸਨੌਰ ਅੰਦਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਆਪਣੇ ਫ਼ਰਜ਼ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਲੋਕ-ਹਿਤੈਸੀ ਫ਼ੈਸਲੇ ਸ਼ਲਾਘਾਯੋਗ ਹਨ ਅਤੇ ਇਨ੍ਹਾਂ ਫ਼ੈਸਲਿਆਂ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਪਾਰਟੀ ਦਾ ਮੁੱਖ ਨਿਸ਼ਾਨਾ ਹੈ | ਜਿਸ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ |