ਨਾਭਾ, 4 ਫਰਵਰੀ (ਜਗਨਾਰ ਸਿੰਘ ਦੁਲੱਦੀ)-ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਮੌਕੇ ਨਾਭਾ ਜੇਲ੍ਹ ਦੇ ਬਾਹਰ ਬਹੁਤ ਗਿਣਤੀ 'ਚ ਅਕਾਲੀ ਆਗੂ ਪਹੁੰਚੇ ਸਨ | ਜਿਨ੍ਹਾਂ 'ਚ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੀ ਮੌਜੂਦ ਸਨ | ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਅਕਾਲੀ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਕਾਲੀ ਵਰਕਰਾਂ ਖ਼ਿਲਾਫ਼ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਆਪਣੇ ਮਹਿਬੂਬ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਦੇ ਬਾਹਰ ਜੀਓ ਆਇਆ ਆਖਣ ਲਈ ਆਏ ਹਨ, ਦੇ ਬਾਵਜੂਦ ਪੰਜਾਬ ਪੁਲਿਸ ਸੂਬਾ ਸਰਕਾਰ ਦੀ ਸ਼ਹਿ 'ਤੇ ਉਨ੍ਹਾਂ ਨੂੰ ਨੇੜੇ ਨਹੀਂ ਜਾਣ ਦੇ ਰਹੀ ਜੋ ਕਿ ਅਤਿ ਨਿੰਦਣਯੋਗ ਹੈ | ਜਥੇਦਾਰ ਰਣੀਕੇ ਅਤੇ ਜਥੇਦਾਰ ਲਾਲਕਾ ਨੇ ਕਿਹਾ ਕਿ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਕਰਕੇ ਹੁਣ ਅਕਾਲੀ ਦਲ ਦਾ ਝੰਡਾ ਪੰਜਾਬ ਦੇ ਅੰਦਰ ਹੋਰ ਬੁਲੰਦ ਹੋਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ |