ਪਾਤੜਾਂ, 4 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਆਰ.ਟੀ.ਆਈ. ਮਾਹਿਰ ਬਿ੍ਸ਼ਭਾਨ ਬੁਜਰਕ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਫ਼ਸਰਸ਼ਾਹੀ ਵਲੋਂ ਸੂਚਨਾ ਅਧਿਕਾਰ ਐਕਟ ਨੂੰ ਲੈ ਕੇ ਲਗਾਤਾਰ ਅਣਗਹਿਲੀ ਵਰਤੀ ਜਾ ਰਹੀ ਹੈ | ਜਿਸ ਕਰਕੇ ਜ਼ਿਲੇ੍ਹ ਪਟਿਆਲੇ ਨਾਲ ਸੰਬੰਧਿਤ ਤਿੰਨ ਸੂਚਨਾ ਅਫ਼ਸਰਾਂ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਵੱਖ-ਵੱਖ ਮਾਮਲਿਆਂ ਵਿਚ ਚੰਡੀਗੜ੍ਹ ਤਲਬ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਜੰਗਲਾਤ ਅਫ਼ਸਰ ਪਟਿਆਲਾ ਵਲੋਂ ਮੰਗਿਆ ਗਿਆ ਰਿਕਾਰਡ ਮੁਹੱਈਆ ਨਹੀਂ ਕਰਵਾਇਆ ਗਿਆ | ਬੁਜਰਕ ਨੇ ਦੱਸਿਆ ਕਿ ਸੂਚਨਾ ਦੇ ਅਧਿਕਾਰ ਐਕਟ 2005 ਤਹਿਤ ਵੱਖ-ਵੱਖ ਵਿਭਾਗਾਂ ਕੋਲੋਂ ਜਾਣਕਾਰੀ ਮੰਗੀ ਗਈ ਸੀ ਪਰ ਉਨ੍ਹਾਂ ਵਲੋਂ ਕਿਸੇ ਵੀ ਤਰ੍ਹਾਂ ਦਾ ਜਵਾਬ ਨਹੀਂ ਦਿੱਤਾ ਗਿਆ ਜਿਸ ਕਰਕੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਬਲਾਕ ਵਿਕਾਸ ਪੰਚਾਇਤ ਅਫ਼ਸਰ ਪਾਤੜਾਂ ਨੂੰ ਦੋ ਮਾਮਲਿਆਂ ਵਿਚ ਚੰਡੀਗੜ੍ਹ ਤਲਬ ਕੀਤਾ ਗਿਆ ਹੈ | ਇਕ ਹੋਰ ਮਾਮਲੇ ਵਿਚ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਨੂੰ ਤਲਬ ਕੀਤਾ ਗਿਆ ਹੈ | ਜਿੰਨਾ ਕੋਲੋਂ ਸਮਾਣਾ, ਘੱਗਾ ਅਤੇ ਪਾਤੜਾਂ ਵਿਖੇ ਗੁਦਾਮਾਂ 'ਚ ਲਾਈ ਗਈ ਕਣਕ ਦਾ ਰਿਕਾਰਡ ਮੰਗਿਆ ਗਿਆ ਸੀ ਪਰ ਉਨ੍ਹਾਂ ਵਲੋਂ ਵੀ ਕਿਸੇ ਤਰ੍ਹਾਂ ਦਾ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦੀ ਅਫ਼ਸਰਸ਼ਾਹੀ ਵਲੋਂ ਆਰਟੀਆਈ ਐਕਟ ਨੂੰ ਲੈ ਕੇ ਲੰਮੇ ਸਮੇਂ ਤੋਂ ਅਣਗਹਿਲੀ ਹੀ ਵਰਤੀ ਜਾ ਰਹੀ ਹੈ | ਜਿਸ ਕਰਕੇ ਲੋਕਾਂ ਨੂੰ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ |