ਦੇਵੀਗੜ੍ਹ, 4 ਫਰਵਰੀ (ਰਾਜਿੰਦਰ ਸਿੰਘ ਮੌਜੀ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੋਂ ਹੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਹਲਕਾ ਸਨੌਰ ਦੇ ਪਿੰਡ ਚੁੰਹਟ ਵਿਖੇ ਪਾਰਟੀ ਵਰਕਰਾਂ ਦੀ ਇਕ ਪ੍ਰਭਾਵਸ਼ਾਲੀ ਅਤੇ ਭਰਵੀਂ ਬੈਠਕ ਹੋਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਇਲਾਕੇ ਦੀ ਸਿਆਸਤ ਵਿਚ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਰੀਬ 50 ਵਿਅਕਤੀਆਂ ਨੇ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਦਾ ਪੱਲਾ ਫੜ ਲਿਆ | ਇਕੱਠ ਨੂੰ ਸੰਬੋਧਨ ਕਰਦਿਆਂ ਕਿ੍ਸ਼ਨ ਸਿੰਘ ਸਨੌਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਸਨੌਰ ਵਿਚ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਐਲਾਨ ਕੀਤਾ ਕਿ ਬੂਥ ਕਮੇਟੀਆਂ, ਸਰਕਲ ਕਮੇਟੀਆਂ ਅਤੇ ਜ਼ਿਲ੍ਹਾ ਜਥੇਬੰਦੀ ਵਿਚ ਹਲਕਾ ਸਨੌਰ ਦੇ ਮਿਹਨਤੀ ਵਰਕਰਾਂ ਦੀ ਹਿੱਸੇਦਾਰੀ ਦਾ ਜਲਦ ਹੀ ਅਧਿਕਾਰਤ ਐਲਾਨ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ, ਪੰਜਾਬ ਦੇ ਲੋਕ ਹੁਣ ਇਨ੍ਹਾਂ ਝੂਠੇ ਵਾਅਦਿਆਂ ਨੂੰ ਸਮਝ ਚੁੱਕੇ ਹਨ | ਉਨ੍ਹਾਂ ਭਰੋਸਾ ਜਤਾਇਆ ਕਿ 2027 ਵਿੱਚ ਸਨੌਰ ਹਲਕੇ ਤੋਂ ਅਕਾਲੀ ਦਲ ਦਾ ਉਮੀਦਵਾਰ ਵੱਡੀ ਜਿੱਤ ਦਰਜ ਕਰਕੇ ਵਿਧਾਨ ਸਭਾ ਵਿੱਚ ਪਹੁੰਚੇਗਾ | ਪਾਰਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕਰਦਿਆਂ ਸਨੌਰ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੇ ਹਰ ਸੰਘਰਸ਼ ਵਿਚ ਵੱਧ-ਚੜ੍ਹ ਕੇ ਹਿੱਸਾ ਪਾਉਣ ਦਾ ਅਹਿਦ ਲਿਆ | ਇਸ ਮੌਕੇ ਜਸਵੀਰ ਸਿੰਘ ਬਿੱਟੂ ਸਾਬਕਾ ਸਰਪੰਚ, ਲਖਵੀਰ ਸਿੰਘ, ਸੱਜਣ ਸਿੰਘ, ਜਗਸੀਰ ਸਿੰਘ ਕਪੂਰੀ, ਲਖਵੀਰ ਸਿੰਘ, ਮਨਪ੍ਰੀਤ ਸਿੰਘ, ਸ਼ੁਬੇਗ ਸਿੰਘ ਚੁੰਹਟ, ਲਖਵਿੰਦਰ ਸਿੰਘ ਚੌਹਾਨ ਪ੍ਰਧਾਨ, ਭੁਪਿੰਦਰ ਸਿੰਘ ਚਾਚੁ, ਜਸਵੀਰ ਸਿੰਘ ਤੇ ਹੋਰ ਹਾਜ਼ਰ ਸਨ |