ਨਾਭਾ, 23 ਫਰਵਰੀ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਵਲੋਂ ਚੰਡੀਗੜ੍ਹ ਸਥਿਤ ਮਜੀਠੀਆ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ, ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਮਜੀਠਾ ਹਲਕੇ ਦੇ ਮੌਜੂਦਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਵੀ ਮੌਜੂਦ ਸਨ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਾਕ ਪ੍ਰਧਾਨ ਗੋਲੂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਉਨ੍ਹਾਂ ਨੂੰ ਥਾਪੜਾ ਦਿੱਤਾ ਗਿਆ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਮਿਹਨਤ ਕਰਨ ਕਿਉਂ ਜੋ ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਬਣੇਗੀ | ਪ੍ਰਧਾਨ ਗੋਲੂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਉਨਾਂ ਅਫਸਰਾਂ ਕੋਲੋਂ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ ਜਿਨ੍ਹਾਂ ਅਫਸਰਾਂ ਵਲੋਂ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਹੁਣੇ ਤੋਂ ਜੁੱਟ ਜਾਣ ਤਾਂ ਜੋ ਭਾਰੀ ਬਹੁਮਤ ਨਾਲ ਅਕਾਲੀ ਉਮੀਦਵਾਰਾਂ ਨੂੰ ਜਿਤਾ ਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਦੇ ਵਿਕਾਸ ਕਾਰਜਾਂ ਦੀ ਲੀਹੋਂ ਲੱਥੀ ਗੱਡੀ ਨੂੰ ਫਿਰ ਤੋਂ ਲਾਈਨ 'ਤੇ ਲਿਆਂਦਾ ਜਾ ਸਕੇ |