ਸਮਾਣਾ, 24 ਫਰਵਰੀ (ਸਾਹਿਬ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਭਰਾਤਾ ਅਤੇ 'ਆਪ' ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਮਿੰਟੂ ਨੇ ਸ਼ਰਧਾਲੂਆਂ ਦੀ ਬੱਸ ਸ੍ਰੀ ਅੰਮਿ੍ਤਸਰ ਲਈ ਰਵਾਨਾ ਕੀਤੀ | ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ | ਮਿੰਟੂ ਨੇ ਆਖਿਆ ਕਿ ਵਿਧਾਇਕ ਜੌੜਾਮਾਜਰਾ ਦੀ ਮਿਹਨਤ ਅਤੇ ਸਮਰਪਣ ਨਾਲ ਪਿੰਡ ਖੇੜੀ ਗੋੜੀਆ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਵਾਨਾ ਹੋਏ | ਇਹ ਪਵਿੱਤਰ ਯਾਤਰਾ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਹਿੱਸਾ ਹੈ, ਜਿਸ ਤਹਿਤ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਮੁਫ਼ਤ ਬੱਸ ਸੇਵਾ, ਰਹਿਣ ਤੇ ਖਾਣ-ਪੀਣ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਯਾਤਰਾ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਹਨ, ਜਿਸ ਨਾਲ ਪਿੰਡ ਵਾਸੀਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ | ਸੰਗਤ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਵਿਚ ਸਵਾਰ ਹੋ ਕੇ ਯਾਤਰਾ ਸ਼ੁਰੂ ਕੀਤੀ ਅਤੇ ਸਰਕਾਰ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕੀਤਾ | ਮਿੰਟੂ ਨੇ ਆਖਿਆ ਕਿ ਇਹ ਯੋਜਨਾ ਸੂਬੇ ਭਰ ਵਿਚ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ, ਜਿਸ ਨਾਲ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੇ ਮਨਾਂ ਵਿਚ ਖ਼ੁਸ਼ੀ ਅਤੇ ਸ਼ਾਂਤੀ ਦੀ ਭਾਵਨਾ ਪੈਦਾ ਹੋ ਰਹੀ ਹੈ | ਇਸ ਯਾਤਰਾ ਨੂੰ ਵਧੇਰੇ ਸਫਲ ਬਣਾਉਣ ਲਈ ਉਨ੍ਹਾਂ ਸਹਿਯੋਗ ਦੀ ਅਪੀਲ ਕੀਤੀ ਹੈ |