ਦੇਵੀਗੜ੍ਹ, 25 ਫਰਵਰੀ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਅਕਾਦਮਿਕ ਖੇਤਰ 'ਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ 'ਸਿਲਵਰ ਜੋਨ ਓਲੰਪੀਆਡ' 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਅਤੇ ਸਰਟੀਫਿਕੇਟ ਹਾਸਲ ਕੀਤੇ ਹਨ | ਵੱਖ-ਵੱਖ ਵਿਸ਼ਿਆਂ 'ਚ ਕਰਵਾਈ ਇਸ ਪ੍ਰੀਖਿਆ 'ਚ ਸਕੂਲ ਦੀਆਂ ਕਈ ਵਿਦਿਆਰਥਣਾਂ ਨੇ ਭਾਗ ਲਿਆ, ਜਿਨ੍ਹਾਂ 'ਚੋਂ ਹੋਣਹਾਰ ਵਿਦਿਆਰਥਣਾਂ ਨੇ ਆਪਣੀ ਮਿਹਨਤ ਸਦਕਾ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਨੌਵੀਂ ਜਮਾਤ ਦੀ ਸੀਰਤ ਕੌਰ ਨੇ ਪਹਿਲਾ ਸਥਾਨ, ਪੰਜਵੀਂ ਜਮਾਤ ਦੀ ਮੰਨਤ ਨੇ ਪਹਿਲਾ ਸਥਾਨ, ਮਨਮੀਤ ਕੌਰ ਨੇ ਦੂਸਰਾ ਸਥਾਨ ਅਤੇ ਕਰਮਜੋਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਜੇਤੂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਵਿਦਿਆਰਥੀਆਂ 'ਚ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਦੀਆਂ ਹਨ | ਸਕੂਲ ਦੀ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਕਿਹਾ, ਸਾਡਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ | 'ਸਿਲਵਰ ਜੋਨ ਓਲੰਪੀਆਡ' ਵਰਗੇ ਪਲੇਟਫ਼ਾਰਮ ਬੱਚਿਆਂ ਦੀ ਵਿਸ਼ਾ-ਗਿਆਨ ਨੂੰ ਪਰਖਣ ਦਾ ਵਧੀਆ ਸਾਧਨ ਹਨ | ਅਸੀਂ ਆਪਣੇ ਸਾਰੇ ਮਿਹਨਤੀ ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਸਫਲਤਾ ਸੰਭਵ ਹੋਈ ਹੈ | ਇਸ ਮੌਕੇ ਜੇਤੂ ਬੱਚਿਆਂ ਨੂੰ ਮੈਡਲ ਅਤੇ ਸ਼ਲਾਘਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਕਾਂ ਨੇ ਭਵਿੱਖ 'ਚ ਵੀ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ 'ਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |